ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਦੱਖਣੀ ਭਾਰਤ ਦੇ ਅਦਾਕਾਰ ਰਾਮ ਚਰਨ ਦੀ ਪਤਨੀ ਉਪਾਸਨਾ ਨੇ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਦਰਬਾਰ ਸਾਹਿਬ ਸਮੂਹ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸਤਨਾਮ ਸਿੰਘ ਵੱਲੋਂ ਸਿਰੋਪਾਓ ਤੇ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਸ੍ਰੀਮਤੀ ਉਪਾਸਨਾ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਦੱਖਣੀ ਭਾਰਤ ਦੀ ਸੰਗਤ ਨੂੰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਸੁਣਨਾ ਅਤੇ ਲੰਗਰ ਵਿੱਚ ਸੇਵਾ ਕਰਨਾ ਮਾਨਸਿਕ ਸੰਤੁਸ਼ਟੀ ਦਿੰਦਾ ਹੈ। ਇਸੇ ਦੌਰਾਨ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀਮਤੀ ਉਪਾਸਨਾ ਨੇ ਲੰਗਰ ਸੇਵਾ ਅਤੇ ਸੰਗਤ ਦੀ ਸ਼ਰਧਾ ਭਾਵਨਾ ਤੋਂ ਖੁਸ਼ ਹੋ ਕੇ ਗੁਰੂ ਰਾਮਦਾਸ ਜੀ ਦੇ ਲੰਗਰ ਲਈ 5 ਲੱਖ ਰੁਪਏ ਭੇਟ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅਪੋਲੋ ਫਾਰਮੇਸੀ ਵੱਲੋਂ ਗੁਰੂ ਰਾਮਦਾਸ ਜੀ ਸਰਾਂ ਵਿੱਚ ਦੋ ਰੋਜ਼ਾ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ, ਜਿਸ ਦੌਰਾਨ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ।