ਲਖਵੀਰ ਸਿੰਘ ਚੀਮਾ
ਟੱਲੇਵਾਲ, 26 ਅਕਤੂਬਰ
ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਚੂੰਘਾਂ ਵਿੱਚ ਇਕ ਨਸ਼ੇੜੀ ਵਿਅਕਤੀ ਨੇ ਆਪਣੀ ਪਤਨੀ ਦੀ ਗਲ਼ ਘੁੱਟ ਕੇ ਹੱਤਿਆ ਕਰ ਦਿੱਤੀ। ਮਿ੍ਤਕਾ ਦੇ ਪੇਕਾ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕਮਲਜੀਤ ਕੌਰ (28) ਦਾ ਕਰੀਬ ਤਿੰਨ ਸਾਲ ਪਹਿਲਾਂ ਪਿੰਡ ਚੂੰਘਾਂ ਦੇ ਸੋਮਾ ਸਿੰਘ ਨਾਲ ਵਿਆਹ ਹੋਇਆ ਸੀ। ਇਨ੍ਹਾਂ ਦਾ ਡੇਢ ਸਾਲ ਦਾ ਲੜਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੋਮਾ ਸਿੰਘ ਤੇ ਉਸ ਦਾ ਪਰਿਵਾਰ ਉਨ੍ਹਾਂ ਦੀ ਲੜਕੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਬੀਤੀ ਦੇਰ ਰਾਤ ਸੋਮਾ ਨੇ ਕਮਲਜੀਤ ਕੌਰ ਦੀ ਕੁੱਟਮਾਰ ਕੀਤੀ ਤੇ ਗਲ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲੀਸ ਨੇ ਮਿ੍ਤਕਾ ਦੇ ਭਰਾ ਬੂਟਾ ਸਿੰਘ ਦੇ ਬਿਆਨਾਂ ’ਤੇ ਸੋਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਿਰੁੱਧ ਧਾਰਾ 302 ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।