ਸੁਭਾਸ਼ ਜੋਸ਼ੀ/ਗੁਰਦੇਵ ਸਿੰਘ ਗਹੂੰਣ
ਬਲਾਚੌਰ, 8 ਸਤੰਬਰ
ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ’ਚ ਸਥਾਪਿਤ ਕੀਤੇ ਜਾ ਰਹੇ ਖੇਤੀਬਾੜੀ ਕਾਲਜ ਦੇ 13 ਸਤੰਬਰ ਨੂੰ ਹੋਣ ਵਾਲੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਢੀ ਏਰੀਏ ’ਚ ਬਣਨ ਜਾ ਰਹੀ ਇਸ ਮਹੱਤਵਪੂਰਨ ਸੰਸਥਾ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਬੰਧਾਂ ’ਚ ਕੋਈ ਕਸਰ ਨਹੀਂ ਰਹਿਣੀ ਚਾਹੀਦੀ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਉਨ੍ਹਾਂ ਨੂੰ ਸਮਾਗਮ ਲਈ ਕੀਤੇ ਜਾ ਰਹੇ ਇੰਤਜਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮਾਗਮ ਲਈ ਸ਼ਾਮਿਆਨੇ, ਸਟੇਜ, ਵੱਖ-ਵੱਖ ਗੈਲਰੀਆਂ, ਸੁਰੱਖਿਆ, ਬੈਰੀਕੇਡਿੰਗ, ਹੈਲੀਪੈਡ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਪਬਲਿਕ ਐਡਰੈੱਸ ਸਿਸਟਮ, ਫਾਇਰ ਟੈਂਡਰ, ਰਿਕਵਰੀ ਵੈਨਾਂ, ਰਿਫਰੈਸ਼ਮੈਂਟ, ਮੈਡੀਕਲ ਸਹਾਇਤਾ ਆਦਿ ਲਈ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਡਾਇਰੈਕਟਰ ਡਾ. ਮਨਮੋਹਨ ਜੀਤ ਸਿੰਘ ਨੇ ਉਨ੍ਹਾਂ ਨੂੰ ਖੇਤਰੀ ਖੋਜ ਕੇਂਦਰ ਪਹੁੰਚਣ ’ਤੇ ਜੀਅ ਆਇਆਂ ਨੂੰ ਆਖਿਆ ਤੇ ਖੋਜ ਕੇਂਦਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ।