ਏ ਡੀ ਜੀ ਪੀ ਖ਼ੁਦਕੁਸ਼ੀ: ‘ਆਪ’ ਵੱਲੋਂ ਇਨਸਾਫ਼ ਲਈ ਮੋਮਬੱਤੀ ਮਾਰਚ
ਆਤਿਸ਼ ਗੁਪਤਾ
ਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ‘ਆਪ’ ਸੜਕਾਂ ’ਤੇ ਉੱਤਰ ਆਈ ਹੈ। ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਅੰਮ੍ਰਿਤਸਰ, ਮਹਿੰਦਰ ਭਗਤ ਵੱਲੋਂ ਜਲੰਧਰ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਟਿਆਲਾ, ਵਿਧਾਇਕ ਜਗਰੂਪ ਸਿੰਘ ਗਿੱਲ ਨੇ ਬਠਿੰਡਾ, ਵਿਧਾਇਕ ਮਦਨ ਲਾਲ ਬੱਗਾ ਨੇ ਲੁਧਿਆਣਾ ਅਤੇ ‘ਆਪ’ ਦੀ ਚੰਡੀਗੜ੍ਹ ਇਕਾਈ ਵੱਲੋਂ ਮੋਮਬੱਤੀ ਮਾਰਚ ਕੀਤੇ ਗਏ। ‘ਆਪ’ ਆਗੂਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਹੈ। ‘ਆਪ’ ਵਰਕਰਾਂ ਨੇ ਖ਼ੁਦਕੁਸ਼ੀ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਮੁਲਜ਼ਮ ਅਧਿਕਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਅਜਿਹੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਵਿਰੁੱਧ ਅਪਰਾਧਕ ਘਟਨਾਵਾਂ ਵਧ ਰਹੀਆਂ ਹਨ ਪਰ ਭਾਜਪਾ ਕੁਝ ਬੋਲਣ ਲਈ ਤਿਆਰ ਨਹੀਂ ਹੈ। ਪਹਿਲਾਂ ਚੀਫ਼ ਜਸਟਿਸ ਆਫ਼ ਇੰਡੀਆ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਸੀਨੀਅਰ ਆਈਪੀਐੱਸ ਅਧਿਕਾਰੀ ਵੱਲੋਂ ਤੰਗ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਗਈ ਹੈ। ਇਸ ਦੇ ਬਾਵਜੂਦ ਭਾਜਪਾ ਦਾ ਕੋਈ ਵੀ ਆਗੂ ਕੁਝ ਬੋਲਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਪੀੜਤ ਪਰਿਵਾਰ ਅਤੇ ਅਨੁਸੂਚਿਤ ਜਾਤੀ ਵਰਗ ’ਤੇ ਹੁੰਦੇ ਹਮਲਿਆਂ ’ਤੇ ਨੱਥ ਪਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।
ਜਲੰਧਰ (ਹਤਿੰਦਰ ਮਹਿਤਾ): ਜਲੰਧਰ ਵਿੱਚ ਮੋਮਬੱਤੀ ਮਾਰਚ ਸ੍ਰੀ ਰਾਮ ਚੌਕ ਤੋਂ ਸ਼ੁਰੂ ਹੋਇਆ ਤੇ ਲਵ ਕੁਸ਼ ਚੌਕ ਵਿੱਚ ਸਮਾਪਤ ਹੋਇਆ। ਇਸ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੰਤਰੀ ਮੋਹਿੰਦਰ ਭਗਤ, ਸੀਨੀਅਰ ਆਗੂਆਂ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਨਾਲ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਿਨੇਸ਼ ਢੱਲ ਅਤੇ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ’ਤੇ ਵਿਤਕਰੇ ਨੂੰ ਸ਼ਹਿ ਦੇਣ ਦਾ ਦੋਸ਼ ਲਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਦਲਿਤ ਭਾਈਚਾਰਿਆਂ ਵਿੱਚ ਦੇਸ ਵਿਆਪੀ ਰੋਸ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਤੇ ਇਨਸਾਫ਼ ਯਕੀਨੀ ਬਣਾਉਣ ਲਈ ਅਪਰਾਧਿਕ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ।
ਕਾਂਗਰਸ ਵੱਲੋਂ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ
ਚੰਡੀਗੜ੍ਹ (ਟ ਨ ਸ) ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਕਾਂਗਰਸ ਪਾਰਟੀ ਨੇ ਭਲਕੇ 13 ਅਕਤੂਬਰ ਨੂੰ ਪੰਜਾਬ ਵਿੱਚ ਮੋਮਬੱਤੀ ਮਾਰਚ ਦਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਨੇ ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ਦੀ ਜਾਂਚ ਸਥਾਨਕ ਅਧਿਕਾਰੀਆਂ ਤੋਂ ਕਰਵਾਉਣ ਦੀ ਥਾਂ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਇਕ ਆਈ ਜੀ ਪੱਧਰ ਦਾ ਅਧਿਕਾਰੀ ਡੀ ਜੀ ਪੀ ਪੱਧਰ ਦੇ ਅਧਿਕਾਰੀ ਵਿਰੁੱਧ ਜਾਂਚ ਨਹੀਂ ਕਰ ਸਕਦਾ ਹੈ। ਇਸ ਲਈ ਉਕਤ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਇਸ ਦੌਰਾਨ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਵਿਰੁੱਧ ਅਪਰਾਧਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਲਈ ਖ਼ੁਦਕੁਸ਼ੀ ਪੱਤਰ ਵਿੱਚ ਨਾਂ ਹੋਣ ਦੇ ਬਾਵਜੂਦ ਡੀ ਜੀ ਪੀ, ਐੱਸ ਪੀ ਰੋਹਤਕ ਸਣੇ ਹੋਰਨਾਂ ਅਧਿਕਾਰੀਆਂ ਦੇ ਨਾਂ ਸ਼ਾਮਲ ਨਹੀਂ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ’ਤੇ ਵਾਈ ਪੂਰਨ ਕੁਮਾਰ ਵੱਲੋਂ ਲਿਖੇ ਖ਼ੁਦਕੁਸ਼ੀ ਪੱਤਰ ਵਿੱਚ ਸ਼ਾਮਲ ਨਾਂ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਰਾਜਾ ਵੜਿੰਗ ਨੇ ਇਸ ਮਾਮਲੇ ਵਿੱਚ ਭਾਜਪਾ ਸਰਕਾਰ ’ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਦਲਿਤਾਂ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ ਧਰਮ ਦੇ ਨਾਂ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ’ਤੇ ਵੰਡ ਰਹੀ ਹੈ, ਜੇਕਰ ਫਿਰ ਵੀ ਗੱਲ ਨਾ ਬਣੇ ਤਾਂ ਵੋਟ ਚੋਰੀ ਕੀਤੀ ਜਾਂਦੀ ਹੈ। ਰਾਜਾ ਵੜਿੰਗ ਨੇ ਅੱਜ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਪੀੜਤ ਪਰਿਵਾਰ ਨੂੰ ਦੁੱਖ ਦੀ ਘੜੀ ਵਿੱਚ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਉੱਦੋਂ ਤੱਕ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।