ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਜੁਲਾਈ
ਮਾਰਕੀਟ ਕਮੇਟੀ ਸਰਹਿੰਦ ਅਧੀਨ ਆਉਂਦੀ ਸਬਜ਼ੀ ਮੰਡੀ ਵਿੱਚ ਰੇਹੜੀ, ਤਿੰਨ ਤੇ ਚਾਰ ਪਹੀਆ ਵਾਹਨਾਂ ਦੀ ਪਰਚੀ ਕੱਟਣ ਦੇ ਫ਼ੈਸਲੇ ਖ਼ਿਲਾਫ਼ ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ ਨੂੰ ਭਾਜਪਾ ਆਗੂ ਦੀਦਾਰ ਸਿੰਘ ਭੱਟੀ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਜਦੋਂਕਿ ਫ਼ਤਹਿਗੜ੍ਹ ਸਾਹਿਬ ਹਲਕੇ ਦੇ ‘ਆਪ’ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੋਵੇਂ ਧਿਰਾਂ ਨਾਲ ਗੱਲਬਾਤ ਕਰਕੇ ਮਜ਼ਦੂਰਾਂ ਦੀਆਂ ਮੰਗਾਂ ਮੰਨਦੇ ਹੋਏ ਇਹ ਧਰਨਾ ਸਮਾਪਤ ਕਰਵਾ ਦਿੱਤਾ। ਉਨ੍ਹਾਂ ਅੱਗੇ ਲਈ ਇਹ ਪਰਚੀ ਨਾ ਕੱਟਣ ਦਾ ਭਰੋਸਾ ਦਿੱਤਾ, ਜਿਸ ਉਪਰੰਤ ਧਰਨਾਕਾਰੀਆਂ ਨੇ ਆਪਣਾ ਇਹ ਧਰਨਾ ਸਮਾਪਤ ਕਰ ਦਿੱਤਾ। ਸ੍ਰੀ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿਚ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਧਰਨਾ ਦੇ ਰਹੇ ਮਜ਼ਦੂਰਾਂ ਨੇ ‘ਆਪ’ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਤਾਰਾ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੰਟੀ ਸਾਨੀਪੁਰ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।