ਯੂਨੀਵਰਸਿਟੀਆਂ ਵਿੱਚ ਹਿੰਸਾ ਮਗਰੋਂ ਪ੍ਰਸ਼ਾਸਨ ਨੇ ਵਿਦਿਆਰਥੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
ਅਫ਼ਵਾਹਾਂ ਤੋਂ ਬਚਣ ਦੀ ਅਪੀਲ; ਐਮਰਜੈਂਸੀ ਲਈ ਪੁਲੀਸ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਅੰਦਰ ਹਾਲ ’ਚ ਹੀ ਵਾਪਰੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਨੇ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਕਿਸੇ ਪ੍ਰਕਾਰ ਦੀਆਂ ਅਫ਼ਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਇੱਕ ਥਾਂ ’ਤੇ ਵਾਪਰੀ ਘਟਨਾ ਦੀ ਜਾਣਕਾਰੀ ਦੂਜੀ ਥਾਂ ’ਤੇ ਬਹੁਤ ਤੇਜ਼ੀ ਨਾਲ ਪਹੁੰਚ ਜਾਂਦੀ ਹੈ, ਜਿਸ ਦੌਰਾਨ ਜਾਣਕਾਰੀ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਦਾ ਸਮਾਂ ਘੱਟ ਮਿਲਦਾ ਹੈ। ਇਸ ਕਰਕੇ ਇਹ ਜ਼ਰੂਰੀ ਹੈ ਕਿ ਕਿਸੇ ਵੀ ਖ਼ਬਰ, ਖ਼ਾਸ ਕਰਕੇ ਸੋਸ਼ਲ ਮੀਡੀਆ ’ਤੇ ਨਸ਼ਰ ਹੋਈਆਂ ਖ਼ਬਰਾਂ ਉੱਤੇ ਕਿਸੇ ਵੀ ਕਿਸਮ ਦੀ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਦੀ ਜਾਂਚ ਕਰਨੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵਿਦਿਆਰਥੀਆਂ ਲਈ ਹਰ ਸਮੇਂ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਮਦਦ ਦੀ ਲੋੜ ਹੋਵੇ, ਤਾਂ ਉਹ 112 ਜਾਂ 0164-2214006 ਨੰਬਰ ’ਤੇ ਪੁਲੀਸ ਨਾਲ ਸੰਪਰਕ ਕਰ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਟਸਐਪ ’ਤੇ ਪੁਲੀਸ ਨਾਲ ਸੰਪਰਕ ਕਰਨਾ ਚਾਹੁੰਦਾ ਹੈ, ਤਾਂ ਉਹ 7508009080, 9878421400 ’ਤੇ ਮੈਸੇਜ ਭੇਜ ਸਕਦਾ ਹੈ।
ਇਨ੍ਹਾਂ ਮੌਕਿਆਂ ’ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਤੇ ਡਾ. ਜਗਤਾਰ ਸਿੰਘ ਧੀਮਾਨ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀ ਵਿਖੇ ਡਾ. ਰਾਮਾਕ੍ਰਿਸ਼ਨਾ ਵੁਸਿਰਿਕਾ, ਪੱਤਰਕਾਰਤਾ ਵਿਭਾਗ ਤੋਂ ਪ੍ਰੋ. ਰੂਬਲ ਕਨੋਜ਼ੀਆ, ਡੀ.ਐੱਸ.ਪੀ. ਐੱਚ.ਐੱਸ. ਸਰਾਂ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

