ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਮਠਿਆਈਆਂ ਵੇਚਣ ਵਾਲਿਆਂ ਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਐਲਾਨ ਕਰ ਚੁੱਕੇ ਹਨ ਕਿ ਸੂਬੇ ’ਚ ਐਤਵਾਰ ਨੂੰ ਲੌਕਡਾਊਨ ਹੋਣ ਦੇ ਬਾਵਜੂਦ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਆਖਿਆ ਹੈ ਤਾਂ ਕਿ ਲੋਕਾਂ ’ਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕੀਤਾ ਜਾ ਸਕੇ। ਇਸੇ ਤਰ੍ਹਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿੱਤੀ ਜਾ ਸਕਦੀ ਹੈ ਕਿ ਰੱਖੜੀਆਂ ਦੀ ਖ਼ਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ।