ਚੰਡੀਗੜ੍ਹ (ਟਨਸ): ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਹਵਾਲੇ ਨਾਲ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਵਾਰ-ਵਾਰ ਕੇਸਾਂ ਵਿਚ ਮਿਲਦੀ ਅਸਫ਼ਲਤਾ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਅਗਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਬਾਜਵਾ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਵਿਚਾਰ ਕਰਨ ਲਈ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਹੰਗਾਮੀ ਮੀਟਿੰਗ ਬੁਲਾਉਣ ਲਈ ਵੀ ਆਖਿਆ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਕੋਟਕਪੂਰਾ ਗੋਲੀਕਾਂਡ ਘਟਨਾ ਦੀ ਜਾਂਚ ਦਾ ਬਚਾਅ ਕਰਦੀ ਲੀਗਲ ਟੀਮ ਖ਼ਿਲਾਫ਼ ਲਾਏ ਬੇਲੋੜੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਣਬੁੱਝ ਕੇ ਸੰਵੇਦਨਸ਼ੀਲ ਮੁੱਦੇ ਉਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਰਹੀਆਂ ਹਨ।