ਪੱਤਰ ਪ੍ਰੇਰਕ
ਲਹਿਰਾਗਾਗਾ, 10 ਮਾਰਚ
ਵਿਧਾਨ ਸਭਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਵਿੱਚ ਚੋਣਾਂ ਮੌਕੇ ’ਤੇ ਸ਼ਾਮਲ ਹੋਏ ਐਡਵੋਕੇਟ ਬਰਿੰਦਰ ਗੋਇਲ ਨੇ ਪਹਿਲੀ ਵਾਰ 26,500 ਤੋਂ ਵੱਧ ਵੋਟਾਂ ਹਾਸਲ ਕਰਕੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਕਰਾਰੀ ਹਾਰ ਦਿੱਤੀ ਹੈ। ਅੱਜ ਐਲਾਨ ਨਤੀਜੇ ’ਚ ਐਡਵੋਕੇਟ ਬਰਿੰਦਰ ਗੋਇਲ ਨੇ 60058 ਵੋਟਾਂ ਹਾਸਲ ਕੀਤੀਆਂ, ਜਦ ਕਿ ਉਨ੍ਹਾਂ ਦੇ ਵਿਰੋਧੀ ਸੰਯੁਕਤ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੂੰ 33,540 ਅਤੇ ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ 20,540 ਵੋਟਾਂ ਨਾਲ ਸਬਰ ਕਰਨਾ ਪਿਆ ਹੈ। ਇਸੇ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ, ਪਰਮਿੰਦਰ ਸਿੰਘ ਢੀਂਡਸਾ, ਅਕਾਲੀ-ਬਸਪਾ ਦੇ ਉਮੀਦਵਾਰ ਗੋਬਿੰਦ ਸਿੰਘ ਲੌਗੋਵਾਲ ਦੇ ਦਫ਼ਤਰਾਂ ਵਿੱਚ ਖਾਮੋਸ਼ੀ ਛਾਈ ਰਹੀ।