ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 8 ਫਰਵਰੀ
ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਉੱਪਲ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ-ਪਤਨੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਦੀ ਆਪਣੀ ਪਤਨੀ ਅਮਨਦੀਪ ਕੌਰ ਨਾਲ ਅਕਸਰ ਲੜਾਈ ਰਹਿੰਦੀ ਹੈ। ਇਸੇ ਘਰੇਲੂ ਕਲੇਸ਼ ਕਰਕੇ ਅੰਮ੍ਰਿਤਪਾਲ ਤੇ ਅਮਨਦੀਪ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ ਵਿੱਚ ਖਿਲਾਰ ਦਿੱਤੇ ਅਤੇ ਇਕ ਦੂਜੇ ਨੂੰ ਫਸਾਉਣ ਲਈ ਇਸ ਘਟਨਾਕ੍ਰਮ ਦੀ ਵੀਡੀਓ ਫੇਸਬੁੱਕ ਪੇਜ ’ਤੇ ਵਾਇਰਲ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਪਹੁੰਚੀ ਥਾਣਾ ਵੈਰੋਵਾਲ ਦੀ ਪੁਲੀਸ ਨੇ ਮੁੱਢਲੀ ਪੁੱਛ-ਪੜਤਾਲ ਮਗਰੋਂ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਲੰਮੇ ਸਮੇਂ ਤੋਂ ਆਪਸੀ ਕਲੇਸ਼ ਰਹਿ ਰਿਹਾ ਹੈ ਤੇ ਦੇਰ ਰਾਤ ਵੀ ਦੋਵਾਂ ਦੀ ਕਿਸੇ ਗੱਲ ’ਤੇ ਲੜਾਈ ਹੋ ਗਈ ਜਿਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਅਮਨਦੀਪ ਨੇ ਗੁਟਕਾ ਸਾਹਿਬ ਦੇ ਅੰਗ ਵਿਹੜੇ ਵਿੱਚ ਖਿਲਾਰ ਦਿੱਤੇ ਤੇ ਅੰਮ੍ਰਿਤਪਾਲ ਸਿੰਘ ਨੂੰ ਫਸਾਉਣ ਦੇ ਮਕਸਦ ਨਾਲ ਮੌਕੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਪਿੰਡ ਵਾਸੀਆਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਕਸਰ ਸ਼ਰਾਬ ਪੀਂਦਾ ਹੈ ਤੇ ਇਸੇ ਕਾਰਨ ਉਸ ਦਾ ਆਪਣੀ ਪਤਨੀ ਨਾਲ ਝਗੜਾ ਵੀ ਹੁੰਦਾ ਹੈ। ਥਾਣਾ ਵੈਰੋਵਾਲ ਦੀ ਪੁਲੀਸ ਨੇ ਦੋਵਾਂ ਖ਼ਿਲਾਫ਼ ਕੇਸ ਦਰ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।