ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਦੀ ਜਿੱਤ ਮਗਰੋਂ ਕਾਂਗਰਸ ਤੇ ਭਾਜਪਾ ’ਚ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੁਨੀਲ ਜਾਖੜ ਨੂੰ ਦਿੱਤਾ ਮੋੜਵਾਂ ਜਵਾਬ/ਜਾਖੜ ਕਾਂਗਰਸ ’ਤੇ ਹਮਲੇ ਕਰਨ ਦੀ ਥਾਂ ਭਾਜਪਾ ਦਾ ਵੋਟ ਫ਼ੀਸਦ ਅੱਧਾ ਰਹਿਣ ਦੇ ਕਾਰਨ ਦੱਸਣ: ਵੜਿੰਗ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 26 ਜੂਨ

Advertisement

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਮਗਰੋਂ ਕਾਂਗਰਸ ਅਤੇ ਭਾਜਪਾ ਵਿਚਕਾਰ ਦੂਸ਼ਣਬਾਜ਼ੀ ਦਾ ਦੌਰ ਚੱਲ ਪਿਆ ਹੈ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੋੜਵਾਂ ਜਵਾਬ ਦਿੱਤਾ ਹੈ।

ਸ੍ਰੀ ਵੜਿੰਗ ਨੇ ਕਿਹਾ ਕਿ ਜਾਖੜ ਨੂੰ ਦੂਜਿਆਂ ’ਤੇ ਦੂਸ਼ਣਬਾਜੀ ਕਰਨ ਦੀ ਥਾਂ ਭਾਜਪਾ ਦਾ ਵੋਟ ਫ਼ੀਸਦ ਅੱਧਾ ਰਹਿਣ ਦੇ ਕਾਰਨ ਦੱਸਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਭਾਜਪਾ ਨੂੰ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਵਿੱਚ 41 ਫ਼ੀਸਦ ਵੋਟਾਂ ਪਈਆਂ ਸਨ, ਜੋ ਸਾਲ ਮਗਰੋਂ ਘੱਟ ਕੇ 22 ਫ਼ੀਸਦ ਰਹਿ ਗਈਆਂ। ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਾਂਗਰਸੀਆਂ ਦੇ ਮਸਲਿਆਂ ਬਾਰੇ ਸੋਚਣਾ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਜਾਖੜ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ ਅਤੇ ਵਾਪਸੀ ਕਰਨ ਬਾਰੇ ਸੋਚ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਸਨ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਕਿ ਸੁਨੀਲ ਜਾਖੜ ਨੇ ਬਿਨਾਂ ਕਿਸੇ ਦਾ ਨਾਮ ਲਏ ਟਿੱਪਣੀ ਕੀਤੀ ਸੀ, ਪਰ ਤੁਸੀਂ ਖੁਦ ਬੋਲ ਕੇ ਉਨ੍ਹਾਂ ਦੀਆਂ ਗੱਲਾਂ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਕਿਸ ਨੇ ਕਿਸ ਦੀ ਮਦਦ ਕਰਕੇ ਕਿਸ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਉਹ ਸਭ ਨੂੰ ਪਤਾ ਹੈ। ਸ੍ਰੀ ਬੱਲੀਆਵਾਲ ਨੇ ਕਿਹਾ ਕਿ ਵੜਿੰਗ ਭਾਜਪਾ ਦੀ ਫਿਕਰ ਕਰਨੀ ਛੱਡਣ 2027 ਵਿੱਚ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ।

Advertisement