ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ ਵਿਚ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਰਾਜਪਾਲ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਈਜੀ ਦੀ ਰਾਜਪਾਲ ਨਾਲ ਮੀਟਿੰਗ ਸਵੇਰੇ 11.32 ’ਤੇ ਸ਼ੁਰੂ ਹੋਈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਕ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਆਈਜੀ ਕੁੰਵਰ ਪ੍ਰਤਾਪ ਸਿੰਘ ਨੇ ਪੁਲੀਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ, ‘‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੈਨੂੰ ਪੁਲੀਸ ਸੇਵਾ ਨਾ ਛੱਡਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੈਂ ਉਨ੍ਹਾਂ ਨੂੰ ਹੀ ਅਸਤੀਫ਼ਾ ਮਨਜ਼ੂਰ ਕਰਨ ਲਈ ਮਨਾ ਲਿਆ।’’