ਕੁਲਦੀਪ ਸਿੰਘ
ਚੰਡੀਗੜ੍ਹ, 22 ਸਤੰਬਰ
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਨਾਲ ਸੂਬੇ ਭਰ ਦੇ ਸੰਘਰਸ਼ੀ ਮੁਲਾਜ਼ਮਾਂ ਦਾ ਰੁਖ਼ ਹੁਣ ਪਟਿਆਲਾ ਦੇ ਮੋਤੀ ਮਹਿਲ ਤੇ ਸਿਸਵਾਂ ਤੋਂ ਮੋਰਿੰਡਾ ਸ਼ਹਿਰ ਵੱਲ ਮੁੜ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਉੱਥੇ ਹੋਣ ਕਰ ਕੇ ਮੁਲਾਜ਼ਮਾਂ ਨੇ ਮੋਰਿੰਡਾ ਵਿੱਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੈਕਟਰ-22 ਵਿੱਚ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਫਰੰਟ ਦੇ ਆਗੂ ਜਗਦੀਸ਼ ਚਾਹਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਕਰਮ ਸਿੰਘ ਧਨੋਆ, ਠਾਕੁਰ ਸਿੰਘ ਤੇ ਮੰਗਤ ਖਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਤਨਖ਼ਾਹ ਕਮਿਸ਼ਨ ਸਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਆਖਿਆ ਕਿ ਸਾਂਝਾ ਫਰੰਟ ਪਹਿਲੀ ਜਨਵਰੀ 2016 ਤੋਂ ਰਿਵਾਈਜ਼ਡ ਕੈਟੇਗਰੀਆਂ ਲਈ 2.72, ਪਾਰਸ਼ਲੀ ਰਿਵਾਈਜ਼ਡ ਕੈਟੇਗਰੀਆਂ ਲਈ 2.89 ਅਤੇ ਅਨ-ਰਿਵਾਈਜ਼ਡ ਕੈਟੇਗਰੀਆਂ ਲਈ 3.06 ਦੇ ਗੁਣਾਂਕ ਅਨੁਸਾਰ ਤਨਖ਼ਾਹ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ। ਇਸ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰੰਟ ਵੱਲੋਂ ਆਪਣੇ ਪਹਿਲਾਂ ਕੀਤੇ ਐਲਾਨ ਮੁਤਾਬਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ 2 ਅਕਤੂਬਰ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ। ਮੁੱਖ ਮੰਤਰੀ ਬਦਲੇ ਜਾਣ ਕਾਰਨ ਹੁਣ ਇਹ ਮੋਰਚਾ ਪਟਿਆਲਾ ਦੀ ਥਾਂ ਮੋਰਿੰਡਾ ਵਿੱਚ ਲੱਗੇਗਾ। ਪੱਕੇ ਮੋਰਚੇ ਤੋਂ ਪਹਿਲਾਂ 25 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵੱਡਾ ਵਫ਼ਦ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਉਣ ਅਤੇ 2 ਅਕਤੂਬਰ ਦੇ ਪੱਕੇ ਮੋਰਚੇ ਦਾ ਨੋਟਿਸ ਦੇਣ ਲਈ ਮੋਰਿੰਡਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾਵੇਗਾ।