ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 13 ਜੁਲਾਈ
ਸੂਬੇ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੇ ਦਿਨ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਮਗਰੋਂ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਹਲਕੇ ਨਾਲ ਸਬੰਧਤ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਤੇ ਨਰੂਆਣਾ ਪਿੰਡ ਜਾ ਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਮੁੱਖ ਮੰਤਰੀ ਨੂੰ ਵਿਅੰਗ ਕਰਦਿਆਂ ਅਪੀਲ ਕੀਤੀ ਕਿ ਉਹ ਇਸ਼ਤਿਹਾਰਾ ’ਤੇ ਖਰਚਾ ਕਰਨ ਦੀ ਥਾਂ ਗੁਲਾਬੀ ਅਤੇ ਚਿੱਟੀ ਸੁੰਡੀ ਕਾਰਨ ਨੁਕਸਾਨੀ ਫ਼ਸਲ ਲਈ ਮੁਆਵਜ਼ਾ ਰਾਸ਼ੀ ਜਾਰੀ ਕਰਨ। ਇਸ ਤੋਂ ਇਲਾਵਾ ਅੱਜ ਸਾਬਕਾ ਕੇਂਦਰੀ ਮੰਤਰੀ ਨੇ ਪ੍ਰਾਪਰਟੀ ਡੀਲਰਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ ਦਸ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ’ਤੇ ਬੋਝ ਪਾਇਆ ਹੈ, ਉੱਥੇ ਹੀ ਸ਼ਹਿਰਾਂ ’ਚ ਜ਼ਮੀਨਾਂ ਦੇ 500 ਗੁਣਾਂ ਕੁਲੈਕਟਰ ਰੇਟ ਵਧਾ ਕੇ ਰੀਅਲ ਅਸਟੇਟ ਲਈ ਕੰਮ ਕਰਦੇ ਕਾਰੋਬਾਰੀਆਂ ਨੂੰ ਭਾਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਸਰਕਾਰ ਅੱਗੇ ਗੋਡੇ ਟੇਕ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਅਤੇ ਵੱਖਰੀ ਕੌਰਟ ਮੰਗਣਾ ਬਹੁਤ ਮੰਦਭਾਗੀ ਗੱਲ ਹੈ।