ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਦੋ ਰੋਜ਼ਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਥਾਣਾ ਸ਼ਿਮਲਾਪੁਰੀ ਪੁਲੀਸ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਉਨ੍ਹਾਂ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲੀਸ ਸਾਬਕਾ ਵਿਧਾਇਕ ਨੂੰ ਅਦਾਲਤੀ ਕੰਪਲੈਕਸ ’ਚ ਲੈ ਕੇ ਪੁੱਜੀ। ਪੁਲੀਸ ਵੱਲੋਂ ਬੈਂਸ ਦਾ ਦੁਬਾਰਾ ਰਿਮਾਂਡ ਮੰਗਿਆ ਗਿਆ ਸੀ, ਪਰ ਆਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਨੂੰ ਨਿਆਂਇਕ ਹਿਰਾਸਤ ’ਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਇਸ ਤੋਂ ਬਾਅਦ ਪੁਲੀਸ ਉਨ੍ਹਾਂ ਨੂੰ ਦੁਬਾਰਾ ਤੋਂ ਬਰਨਾਲਾ ਜੇਲ੍ਹ ਲੈ ਗਈ ਹੈ। ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ ਤੇ ਸਰਕਾਰ ’ਤੇ ਗੰਭੀਰ ਦੋਸ਼ ਲਾਏ ਗਏ। ਸ਼ਿਮਲਾਪੁਰੀ ਪੁਲੀਸ ਵੱਲੋਂ ਲਗਾਤਾਰ ਇਸ ਮਾਮਲੇ ’ਚ ਪੁੱਛ-ਪੜਤਾਲ ਕੀਤੀ ਗਈ, ਪਰ ਸੂਤਰ ਦੱਸਦੇ ਹਨ ਕਿ ਬੈਂਸ ਇਸ ਪੁੱਛ-ਪੜਤਾਲ ’ਚ ਸਹਿਯੋਗ ਨਹੀਂ ਕਰ ਰਹੇ ਸਨ। ਇਸ ਕਾਰਨ ਪੁਲੀਸ ਕੁਝ ਵੀ ਰਿਕਵਰ ਨਹੀਂ ਕਰਵਾ ਸਕੀ।