ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਵਿਚਾਲੀ ਖਿੱਚੋਤਾਣ ਇਸ ਹੱਦ ਤੱਕ ਪੁੱਜ ਚੁੱਕੀ ਹੈ ਕਿ ਐਡਵੋਕੇਟ ਜਨਰਲ ਨੇ ਅਸਤੀਫ਼ਾ ਦੇ ਦਿੱਤਾ ਹੈ। ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਅਤੇ ਡਾਇਰੈਕਟਰ ਜਨਰਲ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਖ਼ਿਲਾਫ਼ ਅਸਤੀਫ਼ਾ ਦੇ ਦਿੱਤਾ ਸੀ। ਸਿੱਧੂ ਨੇ ਦੋਵੇਂ ਨਿਯੁਕਤੀਆਂ ਨੂੰ ਵਿਵਾਦਤ ਕਰਾਰ ਦਿੰਦਿਆਂ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਖਿਲਾਫ਼ ਵਿਰੋਧ ਜਤਾਇਆ ਸੀ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਕਾਰਨ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਸੱਤਾ ਲਈ ਸੰਘਰਸ਼ ਮਜ਼ਾਕ ਬਣ ਗਿਆ ਹੈ।