ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਜੂਨ
ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਭਰ ਵਿੱਚ ਹੋ ਰਹੇ ਰੋਸ ਵਿਖਾਵਿਆਂ ਦੇ ਮੱਦੇਨਜ਼ਰ ਅੱਜ ਇੱਥੇ ਰੇਲਵੇ ਪੁਲੀਸ ਦੇ ਏਡੀਜੀਪੀ ਐੱਮਐੱਫ ਫਾਰੂਕੀ ਨੇ ਸਥਾਨਕ ਰੇਲਵੇ ਸਟੇਸ਼ਨ ਦੇ ਸੁਰੱਖਿਆ ਪ੍ਰਬੰਧਾਂ ਦਾ ਦੌਰਾ ਕੀਤਾ।ਉਨ੍ਹਾਂ ਰੇਲਵੇ ਪੁਲੀਸ ਦੇ ਅਧਿਕਾਰੀਆਂ ਤੇ ਰੇਲਵੇ ਪ੍ਰਸ਼ਾਸਨ ਨਾਲ ਮੀਟਿੰਗ ਵੀ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਫਾਰੂਕੀ ਨੇ ਦੱਸਿਆ ਕਿ ਰੇਲਵੇ ਪੁਲੀਸ ਵੱਲੋਂ ਆਰਪੀਐੱਫ ਅਤੇ ਪੰਜਾਬ ਪੁਲੀਸ ਸਮੇਤ ਪ੍ਰਸ਼ਾਸਨ ਦੀ ਮਦਦ ਨਾਲ ਰੇਲਵੇ ਸਟੇਸ਼ਨ ’ਤੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰੇਲਵੇ ਸਟੇਸ਼ਨ ਦੇ ਅੰਦਰ ਆਉਣ-ਜਾਣ ਵਾਲੇ ਸਾਰੇ ਰਸਤਿਆਂ ’ਤੇ ਵਧੇਰੇ ਨਫ਼ਰੀ ਤਾਇਨਾਤ ਕੀਤੀ ਗਈ ਹੈ ਅਤੇ ਚੌਕਸੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰੇਲਵੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰਨਾਂ ਸੂਬਿਆਂ ਦੀ ਪੁਲੀਸ ਨਾਲ ਵੀ ਸੰਪਰਕ ਕਾਇਮ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਸ ਮਗਰੋਂ ਪਠਾਨਕੋਟ ਰੇਲਵੇ ਸਟੇਸ਼ਨ ਦਾ ਵੀ ਦੌਰਾ ਕੀਤਾ। ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਹੀ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਤੇ ਬਿਨਾਂ ਟਿਕਟ ਤੋਂ ਕਿਸੇ ਵੀ ਯਾਤਰੀ ਨੂੰ ਸਟੇਸ਼ਨ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।
ਕੇਂਦਰ ਦੀ ਫੌਜ ਸਬੰਧੀ ਯੋਜਨਾ ਖ਼ਿਲਾਫ਼ ਫੁਹਾਰਾ ਚੌਕ ’ਤੇ ਧਰਨਾ
ਪਟਿਆਲਾ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਫੌਜ ਸਬੰਧੀ ਐਲਾਨੀ ‘ਅਗਨੀਪਥ’ ਯੋਜਨਾ ਦੇ ਵਿਰੋਧ ’ਚ ਅੱਜ ਇਥੇ ਫੁਹਾਰਾ ਚੌਕ ’ਤੇ ਨੌਜਵਾਨਾਂ ਅਤੇ ਹੋਰ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਵੱਲੋਂ ਫੁਹਾਰਾ ਚੌਕ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਕਾਰਨ ਇਥੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾ ਤਾਇਨਾਤ ਸਨ। ਪ੍ਰਦਰਸ਼ਨਕਾਰੀਆਂ ਨੇ ਲੰਮਾ ਸਮਾਂ ਇੱਥੇ ਫੁਹਾਰਾ ਚੌਕ ’ਤੇ ਡਟ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਇੱਸ ਯੋਜਨਾ ਨੂੰ ਵਾਪਸ ਲੈਣ ਅਤੇ ਨੌਜਵਾਨਾਂ ਨੂੰ ਪੱਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਭਰਤੀਆਂ ਕੱਢਣ ਦੀ ਮੰਗ ਕੀਤੀ।