ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਨਵੀਂ ਦਿੱਲੀ, 6 ਅਗਸਤ
ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ‘ਅਗਨੀਪਥ’ ਯੋਜਨਾ ਵਿਰੁੱਧ ਸੰਘਰਸ਼ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਦੇਸ਼ ਦੇ ਕਿਸਾਨਾਂ ਤੇ ਸਾਬਕਾ ਸੈਨਿਕਾਂ ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ, ਸਾਬਕਾ ਸੈਨਿਕਾਂ ਦੇ ਯੂਨਾਈਟਿਡ ਫਰੰਟ ਅਤੇ ਬੇਰੁਜ਼ਗਾਰੀ ਵਿਰੁੱਧ ਲੜ ਰਹੀਆਂ ਵੱਖ-ਵੱਖ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅੱਜ ਕੀਤਾ ਗਿਆ। ‘ਅਗਨੀਪਥ’ ਦੇ ਵਿਰੋਧ ਵਿੱਚ ਇਕੱਠੇ ਹੋਏ ਇਸ ਸਾਂਝੇ ਮੋਰਚੇ ਨੇ 7 ਤੋਂ 14 ਅਗਸਤ ਤੱਕ ਚੋਣਵੀਆਂ ਥਾਵਾਂ ’ਤੇ ‘ਜੈ ਜਵਾਨ ਜੈ ਕਿਸਾਨ’ ਸੰਮੇਲਨ ਕਰਵਾ ਕੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਯੂਨਾਈਟਿਡ ਫਰੰਟ ਆਫ ਐਕਸ ਸਰਵਿਸਮੈੱਨ ਦੇ ਮੇਜਰ ਜਨਰਲ ਸਤਬੀਰ ਸਿੰਘ, ਐੱਸਐੱਮ (ਸੇਵਾਮੁਕਤ), ਗਰੁੱਪ ਕੈਪਟਨ ਵੀਕੇ ਗਾਂਧੀ, ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਹਨਾਨ ਮੋਲਾ, ਰਾਕੇਸ਼ ਟਿਕੈਤ ਤੇ ਯੋਗਿੰਦਰ ਯਾਦਵ ਨੇ ਕਿਹਾ ਕਿ ਅਗਨੀਪਥ ਯੋਜਨਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਨਿਯਮਤ, ਸਥਾਈ ਭਰਤੀ ਦੇ ਅਜ਼ਮਾਏ ਅਤੇ ਪਰਖੇ ਗਏ ਢੰਗ ਨੂੰ ਖ਼ਤਮ ਕਰ ਦਿੱਤਾ ਹੈ। ਇਸ ਨਾਲ ਹਥਿਆਰਬੰਦ ਬਲਾਂ ਦੇ ਆਕਾਰ ਵਿੱਚ ਭਾਰੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਲਈ ਲਗਾਤਾਰ ਵੱਧ ਰਹੇ ਖਤਰਿਆਂ ਦੇ ਮੱਦੇਨਜ਼ਰ ਇਸ ਯੋਜਨਾ ਨਾਲ ਹਥਿਆਰਬੰਦ ਬਲਾਂ ਦੀ ਕਾਰਗੁਜ਼ਾਰੀ ’ਤੇ ਸਿੱਧਾ ਅਸਰ ਪਵੇਗਾ।
ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਪਹਿਲਾਂ ਹੀ ਜਨਤਕ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਦਾ ਸਾਹਮਣਾ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪੀੜ੍ਹੀਆਂ ਤੋਂ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਂਦੇ ਆ ਰਹੇ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ, ਪੱਛਮੀ ਯੂਪੀ ਤੇ ਪੂਰਬੀ ਰਾਜਸਥਾਨ ਸੂਬਿਆਂ ਦੀ ਹਿੱਸੇਦਾਰੀ ਘਟ ਜਾਵੇਗੀ। ਉਨ੍ਹਾਂ ਕਿਹਾ ਕਿ ‘ਜੈ ਜਵਾਨ ਜੈ ਕਿਸਾਨ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ‘ਅਗਨੀਪਥ’ ਯੋਜਨਾ ਦੇ ਭਿਆਨਕ ਨਤੀਜਿਆਂ ਬਾਰੇ ਦੱਸਣਾ ਤੇ ਕੇਂਦਰ ਨੂੰ ਲੋਕਤੰਤਰਿਕ, ਸ਼ਾਂਤੀਪੂਰਨ ਤੇ ਸੰਵਿਧਾਨਕ ਤਰੀਕੇ ਨਾਲ ਇਸ ਸਕੀਮ ਨੂੰ ਵਾਪਸ ਲੈਣ ਲਈ ਮਜਬੂਰ ਕਰਨਾ ਹੈ। ਇਸ ਤਹਿਤ 7 ਤੋਂ 14 ਅਗਸਤ ਤੱਕ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ‘ਅਗਨੀਪਥ’ ਸਕੀਮ ਅਤੇ ਇਸ ਤਹਿਤ ਜਾਰੀ ਕੀਤੀਆਂ ਸਾਰੀਆਂ ਨੋਟੀਫਿਕੇਸ਼ਨਾਂ ਵਾਪਸ ਲਈਆਂ ਜਾਣ। ਪਹਿਲਾਂ ਤੋਂ ਸ਼ੁਰੂ ਕੀਤੀ ਗਈ ਭਰਤੀ ਪ੍ਰਕਿਰਿਆ ਨੂੰ ਪਿਛਲੇ ਦੋ ਸਾਲਾਂ ਦੀ ਭਰਤੀ ਨਾ ਕਰਨ ਦੇ ਬਦਲੇ ਉਮਰ ਵਿੱਚ ਦੋ ਸਾਲ ਦੀ ਛੋਟ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।