ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਬਾਹਰ, ਪੈਟਰੋਲ ਪੰਪਾਂ, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਸਮੇਤ 125 ਥਾਵਾਂ ’ਤੇ ਧਰਨੇ ਅੱਜ ਵੀ ਜਾਰੀ ਰਹੇ। ਕਿਸਾਨਾਂ ਨੇ ‘ਮਾਂ-ਦਿਵਸ’ ਮੌਕੇ ਧਰਤੀ-ਮਾਤਾ ਨੂੰ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਤੋਂ ਬਾਅਦ ਕਿਸਾਨ ਧਰਨਿਆਂ ’ਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਵਿੱਚ ਉਤਸ਼ਾਹ ਵਧਣ ਲੱਗਾ ਹੈ। ਉਨ੍ਹਾਂ ਦੱੱਸਿਆ ਕਿ 10 ਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਰਾਹੀਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋਣਗੇ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਹਾਲੇ ਵੀ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖੀ ਕਾਰਨ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਸਾਰ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਰਾਂ ਪੈਗੰਬਰਾਂ ਤੇ ਸ਼ਹੀਦ ਯੋਧਿਆਂ ਦੀ ਇਸ ਧਰਤੀ ’ਤੇ ਔਰਤਾਂ ਜਿਹੜੀ ਮਾਂ, ਭੈਣ, ਧੀ ਅਤੇ ਪਤਨੀ ਕਿੰਨੇ ਹੀ ਰੂਪਾਂ ’ਚ ਸਾਡੇ ਸਮਾਜ ਦੀ ਬੁਨਿਆਦ ਹੈ, ਸਾਡੇ ਜੀਵਨ ਦਾ ਮੂਲ ਹੈ ਪਰ ਉਸ ਨੂੰ ਬਰਾਬਰ ਦਾ ਰੁਤਬਾ, ਸਤਿਕਾਰ ਅਤੇ ਸਨਮਾਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ’ਚ ਔਰਤਾਂ ਦੀ ਬਰਾਬਰ ਹਿੱਸੇਦਾਰੀ ਨੇ ਸਾਬਤ ਕਰ ਦਿੱਤਾ ਹੈ ਕਿ ਔਰਤ ਸਮਾਜ ਦੇ ਹਰ ਵਿਕਾਸ ਤੇ ਉਤਪਾਦਨ ’ਚ ਬਰਾਬਰ ਦੀ ਹਿੱਸੇਦਾਰ ਹੈ। ਉਹ ਔਰਤ ਅੱਜ ਕਾਰਪੋਰੇਟ ਘਰਾਣਿਆਂ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਚ ਪਿੱਛੇ ਨਹੀਂ ਹੈ।
ਔਰਤਾਂ ਵੱਲੋਂ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਜਾਗੋ ਕੱਢੀਆਂ ਜਾ ਰਹੀਆਂ ਹਨ ਤੇ ਵੱਖ-ਵੱਖ ਥਾਈਂ ਧਰਨਿਆਂ ਦੀ ਅਗਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰੇ।
ਧਰਨਿਆਂ ਦੌਰਾਨ ਕਿਸਾਨਾਂ ਵਿੱਚ ਤਿੰਨੇ ਖੇਤੀ ਕਾਨੂੰਨ, ਬਿੱਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਅਤੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਬਣਵਾਉਣ ਲਈ ਨਿਵੇਕਲਾ ਜ਼ੋਸ਼ ਦਿਖਾਈ ਦਿੱਤਾ।