ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਅਕਤੂਬਰ
ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਪਿਛਲੇ ਕਈ ਦਿਨਾਂ ਤੋਂ ਵਿਰੋਧੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ’ਤੇ ਵੱਡੇ ਪੱਧਰ ਉੱਤੇ ਰੋਸ ਮੁਜ਼ਾਹਰੇ ਅਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ, ਉੱਥੇ ਕਿਸਾਨਾਂ ਦੇ ਹੱਕਾਂ ਅਤੇ ਇਨਸਾਫ਼ ਪ੍ਰਾਪਤੀ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਲੱਖੋਵਾਲ ਨੇ ਪੰਜਾਬ ਤੇ ਹਰਿਆਣਾ ਕੋਰਟ ਦੇ ਵਕੀਲ ਜੀਪੀਐਸ ਘੁੰਮਣ ਅਤੇ ਜੀਐਸ ਘੁੰਮਣ ਰਾਹੀਂ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰੋਟੈਸਟ ਪਟੀਸ਼ਨ ਦਾਇਰ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਗੁਹਾਰ ਲਗਾਈ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਕਿਸਾਨ ਯੂਨੀਅਨ ਦੇ ਵਕੀਲਾਂ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟੀਸ਼ਨ ਦਾਇਰ ਕਰ ਦਿੱਤੀ ਹੈ ਅਤੇ ਜਲਦੀ ਹੀ ਸੁਣਵਾਈ ਹੋਣ ਦੀ ਸੰਭਾਵਨਾ ਹੈ।