ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਕਾਰਕੁਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਹ ਰੋਸ ਧਰਨਾ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦਿੱਤਾ ਗਿਆ ਹੈ, ਜਿਸ ਨੂੰ ਅੱਜ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਪੰਨੂੰ, ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤੇ ਤੇ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਿਸਾਨ ਸੰਘਰਸ਼ ਆਪਣੇ ਟੀਚੇ ਵੱਲ ਵਧ ਰਿਹਾ ਹੈ। ਇਹ ਅੰਦੋਲਨ ਹੁਣ ਦੇਸ਼ ’ਚ ਵਧ ਰਿਹਾ ਹੈ ਅਤੇ ਲੋਕ ਇਕਜੁੱਟ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਅੰਦੋਲਨ ਕਾਰਨ ਮੋਦੀ ਸਰਕਾਰ ਅਲੱਗ-ਥਲੱਗ ਹੁੰਦੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਬਿੱਲ ਲਿਆਉਣ ਨਾਲ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ’ਤੇ ਵੀ ਇਨ੍ਹਾਂ ਖ਼ਿਲਾਫ਼ ਕਾਨੂੰਨ ਬਣਾਉਣ ਲਈ ਦਬਾਅ ਵਧੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਪੱਧਰ ’ਤੇ ਸਿਆਸੀ ਹਾਲਾਤ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਪੱਖ ਵਿੱਚ ਬਣਦੇ ਜਾ ਰਹੇ ਹਨ ਅਤੇ ਇਸ ਤਬਦੀਲੀ ਦਾ ਸਿਹਰਾ ਪੰਜਾਬ ਦੇ ਕਿਸਾਨ ਅੰਦੋਲਨ ਨੂੰ ਜਾਂਦਾ ਹੈ। ਬੁਲਾਰਿਆਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
ਅੱਜ ਦੇ ਧਰਨੇ ਨੂੰ ਸਤਨਾਮ ਸਿੰਘ, ਮੇਜਰ ਸਿੰਘ, ਬਚਿੱਤਰ ਸਿੰਘ ਕੋਟਲਾ, ਅਮਨਦੀਪ ਸਿੰਘ ਛੀਨਾ, ਜੋਗਿੰਦਰ ਸਿੰਘ ਘੁੱਕੇਵਾਲੀ, ਹਰਪਾਲ ਸਿੰਘ ਅਤੇ ਡਾ. ਬਲਰਾਜ ਸਿੰਘ ਨੇ ਸੰਬੋਧਨ ਕੀਤਾ।