ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਭੁਲੱਥ/ਜਲੰਧਰ, 13 ਦਸੰਬਰ
ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੇਤੀ ਕਾਨੂੰਨਾਂ ਸਬੰਧੀ ਮੋਦੀ ਸਰਕਾਰ ਅਤੇ ਕਿਸਾਨਾਂ ਵੱਲੋਂ ਲਏ ਆਪੋ-ਆਪਣੇ ਸਟੈਂਡ ਦੇ ਹੱਲ ਲਈ ਰਾਇਸ਼ੁਮਾਰੀ ਕਰਾਉਣ ਦੀ ਮੰਗ ਕੀਤੀ ਹੈ। ਪਿੰਡ ਰਾਮਗੜ੍ਹ ਤੇ ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇ ਜਮੂਹਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਦੇ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਾਨੂੰਨਾਂ ਸਬੰਧੀ ਰੇੜਕਾ ਖ਼ਤਮ ਕਰਨ ਲਈ ਰੈਫਰੈਂਡਮ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਤੇ ਹਰਿਆਣਾ ਦੇ ਲੋਕ ਕਾਨੂੰਨਾਂ ਦੇ ਹੱਕ ਵਿੱਚ ਵੋਟ ਪਾਉਣਗੇ ਤਾਂ ਕਿਸਾਨ ਖੇਤੀ ਕਾਨੂੰਨਾਂ ਨੂੰ ਮੰਨ ਲੈਣਗੇ ਅਤੇ ਜੇ ਵਿਰੁੱਧ ਵੋਟ ਪਈ ਤਾਂ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰੇ।
ਇਸ ਦੌਰਾਨ ਸ੍ਰੀ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੋਹਰੇ ਮਾਪਦੰਢ ਅਪਣਾ ਰਹੀ ਹੈ। ਇੱਕ ਪਾਸੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਦੂਸਰੇ ਪਾਸੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਹੱਦਾਂ ’ਤੇ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਨੇ ਵੀ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਮੋਦੀ ਸਰਕਾਰ ਤਕ ਪਹੁੰਚਾਉਣ ਵਾਸਤੇ ਸਰਬਸੰਮਤੀ ਨਾਲ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕੀਤਾ ਹੋਇਆ ਹੈ, ਪਰ ਅਜੇ ਤੱਕ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਤੋਂ ਜਬਰਦਸਤੀ ਹਟਾਉਣ ਵਾਸਤੇ ਤਾਕਤ ਵਰਤੀ ਤਾਂ ਇਸ ਨਾਲ ਦੇਸ਼ ਦੇ ਭਵਿੱਖ ’ਤੇ ਮਾਰੂ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਪੱਖਪਾਤ ਕੀਤੇ ਜਾਣ ਦੀ ਭਾਵਨਾ ਪ੍ਰਬਲ ਹੈ। ਤਾਕਤ ਦੀ ਕਿਸੇ ਤਰੀਕੇ ਨਾਲ ਕੀਤੀ ਗਈ ਦੁਰਵਰਤੋਂ ਅਰਾਜਕਤਾ ਫੈਲਾ ਸਕਦੀ ਹੈ ਅਤੇ ਪੰਜਾਬ ਮੁੜ ਫਿਰ ਅਤਿਵਾਦ ਵੱਲ ਧੱਕਿਆ ਜਾ ਸਕਦਾ ਹੈ।