ਦਵਿੰਦਰ ਪਾਲ
ਚੰਡੀਗੜ੍ਹ, 23 ਅਪਰੈਲ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਨਾਲ-ਨਾਲ ਕੈਪਟਨ ਸਰਕਾਰ ਨੂੰ ਵੀ ਕਰਜ਼ਾ ਮੁਆਫ਼ੀ ਦੀ ਵਾਅਦਾਖ਼ਿਲਾਫ਼ੀ ਦੇ ਮੁੱਦੇ ’ਤੇ ਘੇਰਨ ਦੀ ਰਣਨੀਤੀ ਉਲੀਕਣੀ ਸ਼ੁਰੂ ਕਰ ਦਿੱਤੀ ਹੈ।
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ 2017 ਦੀਆਂ ਵਿਧਾਨ-ਸਭਾ ਚੋਣਾਂ ਵੇਲੇ ਕੀਤਾ ਮੁਕੰਮਲ ਕਿਸਾਨੀ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਕਰਨ।
ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਹਰ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਹੁਣ 4 ਸਾਲ ਬੀਤਣ ਮਗਰੋਂ ਵੀ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਹਜ਼ਾਰਾਂ ਕਿਸਾਨ ਕਰਜ਼ਾ ਮੁਆਫ਼ੀ ਦੀ ਉਡੀਕ ਕਰ ਰਹੇ ਹਨ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਕਈ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਖ਼ਿਲਾਫ਼ ਵਿੱਢੀ ਲੜਾਈ ਜਿੱਤਣ ਤੋਂ ਬਾਅਦ ਕੈਪਟਨ ਨੂੰ ਵਾਅਦੇ ਯਾਦ ਕਰਾਏ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਸੰਘਰਸ਼ ਵੀ ਵਿੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਸੂਬਿਆਂ ਵਿੱਚ ਪੰਜਾਬ ਵੀ ਸ਼ਾਮਲ ਹੈ। ਇੱਥੋਂ ਦੇ ਕਿਸਾਨਾਂ ’ਤੇ ਕਰੀਬ ਇੱਕ ਲੱਖ ਕਰੋੜ ਦਾ ਕਰਜ਼ਾ ਹੈ। ਇਨ੍ਹਾਂ ਵਿੱਚੋਂ ਸੰਗਠਿਤ ਕਰਜ਼ਾ 80,000 ਕਰੋੜ ਰੁਪਏ ਅਤੇ ਗੈਰ-ਸੰਗਠਿਤ ਕਰਜ਼ਾ 20,000 ਕਰੋੜ ਰੁਪਏ ਦਾ ਅੰਦਾਜ਼ਾ ਹੈ। ਇਹੀ ਵਜ੍ਹਾ ਹੈ ਕਿ ਇੱਥੇ ਕਿਸਾਨ ਆਤਮ-ਹੱਤਿਆ ਦਰ ਲਗਾਤਾਰ ਵਧ ਰਹੀ ਹੈ।
ਕਿਸਾਨੀ-ਧਰਨਿਆਂ ਦੇ 205ਵੇਂ ਦਿਨ ‘ਵਿਸ਼ਵ ਪੁਸਤਕ ਦਿਵਸ’ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਨੌਜਵਾਨ ਪੀੜੀ ਨੂੰ ਉਸਾਰੂ ਸਾਹਿਤ ਨਾਲ ਜੁੜਨ ਦਾ ਸੱਦਾ ਦਿੱਤਾ।
ਆਗੂਆਂ ਨੇ ਕਿਹਾ ਕਿ ਕਿਤਾਬਾਂ ਸਿਰਫ਼ ਗਿਆਨ ਹੀ ਨਹੀਂ ਦਿੰਦੀਆਂ ਬਲਕਿ ਮਾਨਸਿਕ ਭਟਕਣਾ ਨੂੰ ਦੂਰ ਕਰਨ ਦੇ ਨਾਲ-ਨਾਲ ਸਹੀ ਦਿਸ਼ਾ ਵੀ ਦਿੰਦੀਆਂ ਹਨ।
ਦਿੱਲੀ ਮੋਰਚੇ ਦੇ 150 ਦਿਨ ਮੁਕੰਮਲ ਹੋਣ ’ਤੇ ਹੋਣਗੇ ਵਿਸ਼ੇਸ਼ ਪ੍ਰੋਗਰਾਮ
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਨੇ ਨੌਜਵਾਨ ਏਕਤਾ ਦੀ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਨਵੀਂ ਪੀੜੀ ਨੂੰ ਸਿਰਫ਼ ਗੀਤਾਂ ਵਿੱਚ ਹੀ ਲਲਕਾਰੇ ਮਾਰਦੇ ਸੁਣਿਆ ਜਾਂਦਾ ਸੀ ਪਰ ਨੌਜਵਾਨਾਂ ਨੇ ਇਸ ਗੱਲ ਨੂੰ ਗਲਤ ਸਾਬਤ ਕਰਦਿਆਂ ਆਪਣੇ ਹੱਕਾਂ ਲਈ ਕਿਸੇ ਵੱਡੀ ਤੋਂ ਵੱਡੀ ਤਾਕਤ ਨਾਲ ਲੜਨ ਦਾ ਫ਼ੈਸਲਾ ਕਰ ਲਿਆ ਹੈ। ਕਿਸਾਨਾਂ ਵਿੱਚ ਜੋਸ਼ ਬਰਕਰਾਰ ਰੱਖਣ ਲਈ ਨੌਜਵਾਨ ਲੇਖਕ ਵੀ ਆਪਣਾ ਰੋਲ ਬਾਖੂਬੀ ਨਿਭਾ ਰਹੇ ਹਨ। ਵੱਖ-ਵੱਖ ਨਾਟਕ ਟੀਮਾਂ, ਕਲਾਕਾਰਾਂ ਤੇ ਗੀਤਕਾਰਾਂ ਵੱਲੋਂ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸੰਘਰਸ਼ ਵਿੱਚ ਡਟੇ ਰਹਿਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਲਕੇ 24 ਅਪਰੈਲ ਨੂੰ ਦਿੱਲੀ ਮੋਰਚੇ ਦੇ 150 ਦਿਨ ਪੂਰੇ ਹੋਣ ’ਤੇ ਹਫ਼ਤੇ ਭਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ, ਜਿਸ ਵਿੱਚ ਕਿਸਾਨ, ਮਜ਼ਦੂਰਾਂ ਦੇ ਨਾਲ-ਨਾਲ ਕਰਮਚਾਰੀ, ਵਿਦਿਆਰਥੀ, ਨੌਜਵਾਨ, ਕਾਰੋਬਾਰੀ ਅਤੇ ਹੋਰ ਜਥੇਬੰਦੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।