ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਹੁੰਚੇ ਸਰਹੱਦੀ ਪਿੰਡਾਂ ਦੇ ਦੌਰੇ ’ਤੇ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਨਾਲ ਫੀਡ ਵੀ ਦਿੱਤੀ ਜਾਵੇਗੀ। ਉਨ੍ਹਾਂ ਨੇ ਪੀਣ ਵਾਲੇ ਪਾਣੀ ਦੇ ਟੈਂਕਰ ਭੇਜਣ ਸੰਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਾਵਾਂ ਵਾਲੀ ਪੱਤਣ, ਦੋਨਾ ਨਾਨਕਾ, ਤੇਜਾ ਰੁਹੇਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਦੋਨਾਂ ਨਾਨਕਾ ਤੱਕ ਟਰੈਕਟਰ ਟਰਾਲੀ ’ਤੇ ਜਾ ਕੇ ਪਿੰਡ ਵਿੱਚ ਪਹੁੰਚ ਕੀਤੀ ਪਰ ਪਿੰਡ ਵਿੱਚ ਸਾਰੇ ਘਰ ਸੁਰੱਖਿਤ ਹਨ ਅਤੇ ਪਿੰਡ ਅੰਦਰ ਪਾਣੀ ਦਾਖਲ ਨਹੀਂ ਹੋਇਆ ਹੈ।
ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਪਹੁੰਚ ਰਹੀ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਖੁਦ ਅਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਵਿੱਚ ਲੋਕਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਡੀਐਮ ਵੀਰ ਪਾਲ ਕੌਰ, ਕਾਰਜਕਾਰੀ ਇੰਜਨੀਅਰ ਡਰੇਨੇਜ ਅਲੋਕ ਚੌਧਰੀ, ਮੁੱਖ ਖੇਤੀਬਾੜੀ ਅਫਸਰ ਰਾਜਿੰਦਰ ਕੰਬੋਜ , ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।