ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਉਹ ਖੇਤੀਬਾੜੀ ਬਾਰੇ ਤਿੰਨ ਕੇਂਦਰੀ ਆਰਡੀਨੈਂਸ ਤਿਆਰ ਕੀਤੇ ਜਾਣ ਦੀ ਪ੍ਰਕਿਰਿਆ ਵਿਚ ਆਪਣੀ ਤੇ ਕਾਂਗਰਸ ਸਰਕਾਰ ਦੀ ਸ਼ਮੂਲੀਅਤ ਬਾਰੇ ਵਾੲ੍ਹੀਟ ਪੇਪਰ ਜਾਰੀ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਰਡੀਨੈਂਸਾਂ ਵਿਚ ਸ਼ਾਮਲ ਵੱਖ ਵੱਖ ਮੱਦਾਂ ਦੀ ਹਮਾਇਤ ਕਰ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਜ਼ੋਰ ਦਿੱਤਾ ਕਿ ਕਾਂਗਰਸ ਪਾਰਟੀ ਨੂੰ ਘਟੀਆ ਡਰਾਮੇਬਾਜ਼ੀ ਕਰਨ ਦੀ ਥਾਂ ਦਿੱਲੀ ਵਿਚ ਆਪਣੇ ਚੋਣ ਮਨੋਰਥ ਪੱਤਰ ਸਾੜ ਦੇਣੇ ਚਾਹੀਦੇ ਹਨ ਕਿਉਂਕਿ ਇਹ ਕਾਂਗਰਸ ਪਾਰਟੀ ਹੀ ਸੀ ਜਿਸ ਨੇ 2019 ਦੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਸੀ ਕਿ ਸੱਤਾ ਵਿਚ ਆਉਣ ’ਤੇ ਉਹ ਏਪੀਐਮਸੀ ਐਕਟ ਖਤਮ ਕਰ ਦੇਵੇਗੀ ਅਤੇ ਅੰਤਰਰਾਜੀ ਮੁਕਤ ਵਪਾਰ ਬਿਨਾਂ ਕਿਸੇ ਪਾਬੰਦੀ ਦੇ ਕਰਨ ਦੀ ਆਗਿਆ ਦੇਵੇਗੀ। ਸ੍ਰੀ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਰਡੀਨੈਂਸਾਂ ਦੀ ਹਮਾਇਤ ਵਿਚ ਆਪਣੀ ਸ਼ਮੂਲੀਅਤ ’ਤੇ ਪਰਦਾ ਪਾਉਣ ਲਈ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਮੁੱਖ ਮੰਤਰੀ ਉਸ ਉੱਚ ਤਾਕਤੀ ਕਮੇਟੀ ਦੇ ਮੈਂਬਰ ਸਨ ਜਿਸ ਨੇ ਆਰਡੀਨੈਂਸ ਤਿਆਰ ਕੀਤੇ ਸਗੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਮੇਟੀ ਦੀ ਮੁੰਬਈ ਵਿਚ ਹੋਈ ਮੀਟਿੰਗ ਵਿਚ ਵੀ ਭਾਗ ਲਿਆ ਸੀ। ਇਹ ਬਿਨਾਂ ਸ਼ੱਕ ਸਾਬਤ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਨੇ ਇਹ ਆਰਡੀਨੈਂਸ ਤਿਆਰ ਕਰਨ ਵਿਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ।