AIIMS Bathinda Protest: ਏਮਜ਼ ਬਠਿੰਡਾ ਵਿੱਚ ਮਰੀਜ਼ਾਂ ਦੀ ਖੱਜਲ-ਖੁਆਰੀ, ਬੀਕੇਯੂ (ਉਗਰਾਹਾਂ) ਨੇ ਹਸਪਤਾਲ ਪ੍ਰਬੰਧਾਂ ’ਤੇ ਚੁੱਕੇ ਵੱਡੇ ਸਵਾਲ
ਗੰਭੀਰ ਮਰੀਜ਼ ਨੂੰ ਦਾਖ਼ਲ ਕਰਨ ’ਚ ਦੇਰੀ ਦੇ ਦੋਸ਼; ਕਿਸਾਨ ਆਗੂਆਂ ਨੇ ਦਿੱਤੀ ਚਿਤਾਵਨੀ-ਜੇ ਸੁਧਾਰ ਨਾ ਹੋਇਆ ਤਾਂ ਵਿੱਢਾਂਗੇ ਤਿੱਖਾ ਸੰਘਰਸ਼
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਝੁੰਬਾ ਅਤੇ ਆਗੂ ਸਿੰਗਾਰਾ ਸਿੰਘ ਮਾਨ ਨੇ ਏਮਜ਼ ਬਠਿੰਡਾ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਹੈ ਕਿ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਵਜ੍ਹਾ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਸ਼ਨੀਵਾਰ ਰਾਤ ਇੱਕ ਗੰਭੀਰ ਹਾਲਤ ਵਾਲੇ ਮਰੀਜ਼ ਦਰਸ਼ਨ ਸਿੰਘ ਮਾਈਸਰਖਨਾ ਨੂੰ ਆਦੇਸ਼ ਹਸਪਤਾਲ ਤੋਂ ਰੈਫਰ ਕਰਕੇ ਏਮਜ਼ ਬਠਿੰਡਾ ਲਿਆਂਦਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮਰੀਜ਼ ਦੀ ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਉਸ ਨੂੰ ਤੁਰੰਤ ਦਾਖਲ ਨਹੀਂ ਕੀਤਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਸਮੇਂ ਤੱਕ ਇਧਰ-ਉਧਰ ਭਟਕਣਾ ਪਿਆ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਆਗੂਆਂ ਦੇ ਦਖ਼ਲ ਤੋਂ ਬਾਅਦ ਹੀ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਲੋਕਾਂ ਦੇ ਇਸ ਵੱਡੇ ਹਸਪਤਾਲ ਵਿੱਚ ਆਮ ਆਦਮੀ ਦੀ ਸੁਣਵਾਈ ਨਹੀਂ ਹੁੰਦੀ, ਤਾਂ ਇਸ ਵਿੱਚ ਵੱਡੇ ਸੁਧਾਰ ਦੀ ਲੋੜ ਹੈ।
ਤਿੱਖੇ ਸੰਘਰਸ਼ ਦੀ ਚਿਤਾਵਨੀ
ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਏਮਜ਼ ਵਰਗੇ ਵੱਡੇ ਸਿਹਤ ਸੰਸਥਾਨ ਵਿੱਚ ਐਮਰਜੈਂਸੀ ਹਾਲਤ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਤੁਰੰਤ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਪਰ ਕਈ ਵਾਰ ਪ੍ਰਬੰਧਕੀ ਕਮੀਆਂ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਨੂੰ ਐਮਰਜੈਂਸੀ ਸੇਵਾਵਾਂ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਰੀਜ਼ਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਇਸ ਮਾਮਲੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਤੋਂ ਮਰੀਜ਼ਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ।
