DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਵਾ ਗੁਣਵੱਤਾ ਕਮਿਸ਼ਨ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦਾ ਦੌਰਾ

ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

  • fb
  • twitter
  • whatsapp
  • whatsapp
featured-img featured-img
ਕਮਿਸ਼ਨ ਦੀ ਟੀਮ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਹਾਸਲ ਕਰਦੀ ਹੋਈ।
Advertisement

ਰਾਸ਼ਟਰੀ ਰਾਜਧਾਨੀ ਖੇਤਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਲਈ ਬਣੇ ਕਮਿਸ਼ਨ (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੀ ਉੱਚ ਪੱਧਰੀ ਟੀਮ ਨੇ ਕਮਿਸ਼ਨ ਦੇ ਮੈਂਬਰ (ਤਕਨੀਕੀ) ਡਾ. ਐੱਸ ਡੀ ਅੱਤਰੀ ਦੀ ਅਗਵਾਈ ਹੇਠ ਪੰਜਾਬ ਦੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦਾ ਦੌਰਾ ਕੀਤਾ। ਝੋਨੇ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਖੇਤਰਾਂ ਵਿੱਚ ਰੋਕਥਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਹ ਦੌਰਾ ਕੀਤਾ ਗਿਆ ਹੈ। ਦੌਰਿਆਂ ਤੋਂ ਇਲਾਵਾ ਟੀਮ ਨੇ ਅੱਜ ਅੰਮ੍ਰਿਤਸਰ ਵਿੱਚ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਆਪਸੀ ਤਾਲਮੇਲ ਦੀ ਸਮੀਖਿਆ ਕੀਤੀ ਗਈ, ਤਾਂ ਜੋ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਅਤੇ ਖੇਤਾਂ ਤੋਂ ਬਾਹਰ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਈ ਜਾ ਸਕੇ। ਕਮਿਸ਼ਨ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਸਮੇਂ ਸਿਰ ਮੁਹੱਈਆ ਕਰਵਾਉਣ, ਕਿਸਾਨਾਂ ਨੂੰ ਜਾਗਰੂਕ ਕਰਨ, ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਕਰਵਾਉਣ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਟੀਮ ਨੇ 9 ਅਤੇ 10 ਅਕਤੂਬਰ ਨੂੰ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਚੁਣੇ ਹੋਏ ਪਿੰਡਾਂ ਦਾ ਦੌਰਾ ਕੀਤਾ ਅਤੇ ਸਬੰਧਤ ਸਹੂਲਤਾਂ ਦਾ ਜਾਇਜ਼ਾ ਲਿਆ। ਅੰਮ੍ਰਿਤਸਰ ਜ਼ਿਲ੍ਹੇ ਸਬੰਧੀ ਸਮੀਖਿਆ ਮੀਟਿੰਗ ਵਿੱਚ ਅਧਿਕਾਰੀਆਂ ਨੇ ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਿਆ। ਦੋਵਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਕਾਨੂੰਨੀ ਨਿਰਦੇਸ਼ਾਂ ਨੂੰ ਲਾਗੂ ਕਰਨ, ਰੋਕਥਾਮ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਵਚਨਬੱਧਤਾ ਪ੍ਰਗਟਾਈ।

Advertisement

ਕਮਿਸ਼ਨ ਵੱਲੋਂ ਨਿਗਰਾਨੀ ਪ੍ਰਣਾਲੀ ਦੇ ਹਿੱਸੇ ਵਜੋਂ ਕਮਿਸ਼ਨ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ਸੰਗਰੂਰ, ਤਰਨ ਤਾਰਨ, ਫ਼ਿਰੋਜ਼ਪੁਰ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਮੋਗਾ, ਮਾਨਸਾ, ਫ਼ਾਜ਼ਿਲਕਾ, ਪਟਿਆਲਾ, ਲੁਧਿਆਣਾ, ਕਪੂਰਥਲਾ, ਫ਼ਰੀਦਕੋਟ, ਬਰਨਾਲਾ, ਮਾਲੇਰਕੋਟਲਾ, ਗੁਰਦਾਸਪੁਰ, ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਉੱਡਣ ਦਸਤੇ ਤਾਇਨਾਤ ਕੀਤੇ ਗਏ ਹਨ। ਇਹ ਤਾਇਨਾਤੀ ਪਹਿਲੀ ਅਕਤੂਬਰ ਤੋਂ 30 ਨਵੰਬਰ ਤੱਕ ਕੀਤੀ ਗਈ ਹੈ। ਕਮਿਸ਼ਨ ਦੀ ਟੀਮ ਨੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਵੱਲੋਂ ਲਗਾਤਾਰ ਅਤੇ ਪ੍ਰਭਾਵਸ਼ਾਲੀ ਫੀਲਡ ਨਿਗਰਾਨੀ ਯਕੀਨੀ ਬਣਾਈ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਗਏ।

Advertisement

ਕਮਿਸ਼ਨ ਨੇ ਮੁੜ ਦੁਹਰਾਇਆ ਕਿ ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਾਰੀਆਂ ਸਬੰਧਤ ਏਜੰਸੀਆਂ ਦੇ ਸਾਂਝੇ ਯਤਨਾਂ ਦੇ ਨਾਲ-ਨਾਲ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਦਾ ਸਰਗਰਮ ਸਹਿਯੋਗ ਜ਼ਰੂਰੀ ਹੈ। ਮੀਟਿੰਗ ਵਿੱਚ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ, ਅੰਮ੍ਰਿਤਸਰ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਦੋਵਾਂ ਜ਼ਿਲ੍ਹਿਆਂ ਦੇ ਉਪ ਮੰਡਲ ਮੈਜਿਸਟ੍ਰੇਟ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ , ਐੱਸ ਡੀ ਓਜ਼ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement
×