ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 23 ਅਗਸਤ
ਸਾਬਕਾ ਕੈਬਨਿਟ ਮੰਤਰੀ ਮਰਹੂਮ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲ ਸਿੰਘ ਕੋਹਾੜ (54) ਪੁੱਤਰ ਰਾਮ ਸਿੰਘ ਵਾਸੀ ਕੋਹਾੜ ਖੁਰਦ ਸੈਂਟਰਲ ਕੋਆਪ੍ਰੇਟਿਵ ਬੈਂਕ (ਸਹਿਕਾਰੀ ਬੈਂਕ) ਨੂਰਮਹਿਲ ਵਿੱਚ ਮੈਨੇਜਰ ਵਜੋਂ ਤਾਇਨਾਤ ਸਨ। ਕੱਲ੍ਹ ਸੋਮਵਾਰ ਨੂੰ ਉਨ੍ਹਾਂ ਦੀ ਪਰਿਵਾਰ ਨਾਲ ਕੁਝ ਤਲਖਕਲਾਮੀ ਹੋ ਗਈ ਅਤੇ ਉਨ੍ਹਾਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੁਰਪ੍ਰੀਤ ਸਿੰਘ ਗਿੱਲ ਅਤੇ ਐੱਸਐੱਚਓ ਗੁਰਿੰਦਰਜੀਤ ਸਿੰਘ ਨਾਗਰਾ ਆਪਣੀ ਟੀਮ ਲੈ ਕੇ ਘਟਨਾ ਸਥਾਨ ’ਤੇ ਪਹੁੰਚ ਗਏ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਪਹੁੰਚਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਬੇਟੀ ਦੇ ਵਿਦੇਸ਼ ਤੋਂ ਆਉਣ ਮਗਰੋਂ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਕੀਤੀ ਜਾਂਚ ਵਿਚ ਮ੍ਰਿਤਕ ਦਾ ਪਰਿਵਾਰਕ ਮੈਂਬਰਾਂ ਨਾਲ ਹੋਏ ਝਗੜੇ ਦੇ ਤੱਥ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਜੋ ਸਾਹਮਣੇ ਆਵੇਗਾ, ਉਸ ਮੁਤਾਬਿਕ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।