ਅਕਾਲ ਤਖ਼ਤ ਵੱਲੋਂ ਸੰਦੀਪ ਸਿੰਘ ’ਤੇ ਤਸ਼ੱਦਦ ਦੇ ਦੋਸ਼ਾਂ ਦਾ ਨੋਟਿਸ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ ਵੱਲੋਂ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਉਸ ’ਤੇ ਤਸ਼ੱਦਦ ਦੇ ਲਾਏ ਦੋਸ਼ਾਂ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਪਟਿਆਲਾ ਜ਼ਿਲ੍ਹਾ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਹੁਣ ਤੱਕ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਗਈ ਹੈ ਜਦੋਂਕਿ ਅਦਾਲਤ ਨੇ ਇਸ ਜਾਂਚ ਉਪਰੰਤ 17 ਸਤੰਬਰ ਸਵੇਰੇ 10 ਵਜੇ ਤੋਂ ਪਹਿਲਾਂ ਰਿਪੋਰਟ ਸੌਂਪਣ ਦੇ ਆਦੇਸ਼ ਕੀਤੇ ਸਨ। ਉਨ੍ਹਾਂ ਕਿਹਾ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਕਾਨੂੰਨੀ ਕਾਰਵਾਈ ਕਰਨ ਪਰ ਸਿੱਖ ਨੌਜਵਾਨਾਂ ਦੇ ਕਤਲੇਆਮ ਦੇ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਪੁਲੀਸ ਅਧਿਕਾਰੀਆਂ ਨਾਲ ਸਬੰਧਤ ਇਸ ਮਾਮਲੇ ਵਿੱਚ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਵੱਡੇ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਬਿਨਾਂ ਦੇਰੀ ਉਸ ਦੀ ਮੈਡੀਕਲ ਜਾਂਚ ਕਰਵਾ ਕੇ ਇਸ ਦੀ ਰਿਪੋਰਟ ਅਦਾਲਤ ਵਿੱਚ ਸੌਂਪੇ। ਉਨ੍ਹਾਂ ਮੈਡੀਕਲ ਕਰਨ ਵਾਲੇ ਡਾਕਟਰਾਂ ਤੇ ਅਧਿਕਾਰੀਆਂ ਨੂੰ ਵੀ ਆਖਿਆ ਕੇ ਜਾਂਚ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਕੀਤੀ ਜਾਵੇ। ਜਥੇਦਾਰ ਨੇ ਕਿਹਾ ਕਿ ਜੇ ਸੰਦੀਪ ਸਿੰਘ ’ਤੇ ਤਸ਼ੱਦਦ ਕੀਤਾ ਗਿਆ ਹੈ ਤਾਂ ਇਸ ਮਾਮਲੇ ਵਿੱਚ ਦੋਸ਼ੀ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰ ਕੇ ਸੇਵਾਵਾਂ ਤੋਂ ਮੁਅੱਤਲ ਕਰਨਾ ਚਾਹੀਦਾ ਹੈ। ਉਨ੍ਹਾਂ ਜੇਲ੍ਹ ਮੰਤਰੀ ਨੂੰ ਆਖਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਜੇਲ੍ਹ ਪ੍ਰਸ਼ਾਸਨ ਦਾ ਰਵੱਈਆ ਬੇਇਨਸਾਫ਼ੀ ਵਾਲਾ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਰਵੱਈਆ ਦੁਖਦਾਈ ਅਤੇ ਬੇਇਨਸਾਫ਼ੀ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਇ ਸੰਦੀਪ ਦੀ ਕੁੱਟਮਾਰ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਨਾ ਮਿਲਣ ਦੇਣਾ ਚਿੰਤਾਜਨਕ ਹੈ। ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਇ ਉਸ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਨੇ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਝੂਠੇ ਪੁਲੀਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲੀਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ।