ਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਨੋਟਿਸ ਲਿਆ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਮਹਾਨਕੋਸ਼ ਦੀ ਕੀਤੀ ਗਈ ਕਥਿਤ ਬੇਅਦਬੀ ਦਾ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਜਥੇਦਾਰ ਗੜਗੱਜ ਨੇ ਇਸ ਪੂਰੇ ਮਾਮਲੇ ਦੀ ਪੜਤਾਲ ਲਈ ਕਮੇਟੀ ਬਣਾਈ ਹੈ, ਜੋ ਹਫ਼ਤੇ ਵਿੱਚ ਸਮੁੱਚੇ ਘਟਨਾਕ੍ਰਮ ਬਾਰੇ ਰਿਪੋਰਟ ਅਕਾਲ ਤਖ਼ਤ ਸਕੱਤਰੇਤ ਨੂੰ ਸੌਂਪੇਗੀ। ਇਹ ਕਮੇਟੀ ਯੂਨੀਵਰਸਿਟੀ ਦੀ ਡਾ. ਗੰਡਾ ਸਿੰਘ ਪੰਜਾਬੀ ਰੈਫ਼ਰੈਂਸ ਲਾਇਬਰੇਰੀ ਵਿੱਚ ਦੁਰਲੱਭ ਸਾਹਿਤ ਤੇ ਗ੍ਰੰਥਾਂ ਦੀ ਸਾਂਭ-ਸੰਭਾਲ ਦੇ ਮੌਜੂਦਾ ਪ੍ਰਬੰਧ ਅਤੇ ਲਾਇਬਰੇਰੀ ਦੀ ਇਮਾਰਤ ਦੇ ਹਾਲ ਬਾਰੇ ਵੀ ਰਿਪੋਰਟ ਕਰੇਗੀ। ਕਮੇਟੀ ਵਿੱਚ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ।
ਇਸ ਸਬੰਧੀ ਪੜਤਾਲ ਕਮੇਟੀ ਵਿੱਚ ਵਾਧਾ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਸ਼੍ੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵੀ ਸ਼ਾਮਲ ਕਰਦਿਆ ਕਮੇਟੀ ਵਿੱਚ ਵਾਧਾ ਕੀਤਾ ਹੈ। ਜਥੇਦਾਰ ਗੜਗੱਜ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਨੂੰ ਆਦੇਸ਼ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਜਿੱਥੇ ਇਹ ਗਲਤ ਕਾਰਵਾਈ ਕੀਤੀ ਗਈ ਹੈ, ਉੱਥੇ ਮੌਜੂਦ ਮਹਾਨਕੋਸ਼ ਦੀਆਂ ਸਾਰੀਆਂ ਕਾਪੀਆਂ ਦੀ ਢੁਕਵੀਂ ਥਾਂ ਉੱਤੇ ਸਸਕਾਰ ਸੇਵਾ ਆਪਣੀ ਨਿਗਰਾਨੀ ਵਿੱਚ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਸਕਾਰ ਸੇਵਾ ਦੀ ਕਾਰਵਾਈ ਮੁਕੰਮਲ ਹੋਣ ਮਗਰੋਂ ਇਸ ਦੀ ਸਮੁੱਚੀ ਰਿਪੋਰਟ ਅਕਾਲ ਤਖ਼ਤ ਵਿਖੇ ਤੁਰੰਤ ਹੀ ਭੇਜੀ ਜਾਵੇ। ਜਥੇਦਾਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਗੁਰਦੁਆਰੇ ’ਚ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਅਖੰਡ ਪਾਠ ਆਰੰਭ ਕਰਕੇ ਗੁਰੂ ਸਾਹਿਬ ਤੋਂ ਖਿਮਾ ਜਾਚਨਾ ਅਤੇ ਅਰਦਾਸ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਵਿਦਿਆਰਥੀਆਂ ਨੂੰ ਸ਼ਾਂਤਮਈ ਰਹਿਣ ਦੀ ਅਪੀਲ ਕੀਤੀ।