ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 18 ਜੂਨ
ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲੀ-ਬਸਪਾ ਗੱਠਜੋੜ ਬਾਰੇ ਗਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਅੱਜ ਪਾਰਟੀ ਵਰਕਰਾਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਵਿਧਾਇਕ ਐੱਨਕੇ ਸ਼ਰਮਾ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਚਰਨਜੀਤ ਸਿੰਘ ਦੀ ਅਗਵਾਈ ਹੇਠ ਦੋਵੇਂ ਪਾਰਟੀਆਂ ਦੇ ਕਾਰਕੁਨਾਂ ਨੇ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਉੱਕਤ ਦੋਵੇਂ ਸੀਟਾਂ ਬਸਪਾ ਨੂੰ ਦਿੱਤੇ ਜਾਣ ਮਗਰੋਂ ਰਵਨੀਤ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਕਿਹਾ ਕਿ ਇਨ੍ਹਾਂ ਪਵਿੱਤਰ ਸਥਾਨਾਂ ਦੀਆਂ ਸੀਟਾਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਮੁਜ਼ਹਰਾਕਾਰੀਆਂ ਨੇ ਰਵਨੀਤ ਬਿੱਟੂ ਖ਼ਿਲਾਫ਼ ਕੇਸ ਦਰਜ ਕਰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਥਾਨਕ ਆਗੂਆਂ ਨੇ ਅੱਜ ਸ਼ਹਿਰ ਵਿੱਚ ਰਵਨੀਤ ਬਿੱਟੂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਬਸਪਾ ਆਗੂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਕੋਆਰਡੀਨੇਟਰ ਬਸਪਾ ਹਲਕਾ ਬਸੀ ਪਠਾਣਾਂ ਤੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ ਗਿਆ। ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਵੱਲੋਂ ਟਿੱਪਣੀਆਂ ਕਰਕੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ।
ਲਾਲੜੂ (ਪੱਤਰ ਪ੍ਰੇਰਕ): ਅਕਾਲੀ-ਬਸਪਾ ਵਰਕਰਾਂ ਵੱਲੋਂ ਸੰਸਦ ਮੈਂਬਰ ਲੁਧਿਆਣਾ ਅਤੇ ਕਾਂਗਰਸੀ ਆਗੂ ਰਵਨੀਤ ਬਿੱਟੂ ਦਾ ਪੁੱਤਲਾ ਸਾੜਿਆ ਅਤੇ ਉਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਸਪਾ ਬਲਾਕ ਡੇਰਾਬਸੀ ਦੇ ਪ੍ਰਧਾਨ ਚਰਨਜੀਤ ਸਿੰਘ ਦੇਵੀਨਗਰ ਤੇ ਵਿਧਾਇਕ ਐੱਨਕੇ ਸ਼ਰਮਾ ਦੇ ਭਰਾ ਕੌਂਸਲ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਬਾਰੇ ਰਵਨੀਤ ਬਿੱਟੂ ਨੇ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਆਨੰਦਪੁਰ ਸੀਟ ਬਾਰੇ ਜੋ ਬਿਆਨ ਦਿੱਤਾ, ਉਹ ਬਹੁਤ ਹੀ ਇਤਰਾਜ਼ਯੋਗ ਹੈ।