ਅਕਾਲੀ ਦਲ ਨੇ ਚੰਨੀ ’ਤੇ ਰੇਤ ਮਾਫੀਆ ਨੂੰ ਸਰਪ੍ਰਸਤੀ ਦੇਣ ਦੇ ਲਾਏ ਦੋਸ਼

ਅਕਾਲੀ ਦਲ ਨੇ ਚੰਨੀ ’ਤੇ ਰੇਤ ਮਾਫੀਆ ਨੂੰ ਸਰਪ੍ਰਸਤੀ ਦੇਣ ਦੇ ਲਾਏ ਦੋਸ਼

ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਮੁੱਖ ਅੰਸ਼

  • ਮਜੀਠੀਆ ਨੇ ਚੰਨੀ ਅਤੇ ਹਨੀ ਦੀਆਂ ਸਾਂਝੀਆਂ ਤਸਵੀਰਾਂ ਜਨਤਕ ਕੀਤੀਆਂ
  • ਚਮਕੌਰ ਸਾਹਿਬ ਵਿਚ ਗ਼ੈਰਕਾਨੂੰਨੀ ਮਾਈਨਿੰਗ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਕੀਤੀ ਮੰਗ

ਦਵਿੰਦਰ ਪਾਲ

ਚੰਡੀਗੜ੍ਹ, 22 ਜਨਵਰੀ 

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਈਡੀ ਦੇ ਛਾਪੇ ਦੌਰਾਨ ਚਰਚਾ ਵਿੱਚ ਆਏ ਉਨ੍ਹਾਂ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਵਿਚਕਾਰ ਵਪਾਰਕ ਹਿੱਤ ਸਾਂਝੇ ਹੋਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਹਨੀ ਸਮੇਤ ਰੇਤ ਮਾਫੀਆ ਨਾਲ ਜੁੜੇ ਕਈ ਵਿਅਕਤੀਆਂ ਨਾਲ ਮੁੱਖ ਮੰਤਰੀ ਦੇ ਕਰੀਬੀ ਰਿਸ਼ਤਿਆਂ ਦੇ ਸਬੂਤ ਵਜੋਂ ਤਸਵੀਰਾਂ, ਵੀਡੀਓ ਅਤੇ ਆਡੀਓ ਵੀ ਜਨਤਕ ਕੀਤੇ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਤੇ ਗੈਰਕਾਨੂੰਨੀ ਢੰਗ ਨਾਲ ਰੇਤ ਦੀ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਮੰਗੀ ਹੈ। ਮਜੀਠੀਆ ਨੇ ਵੀਡੀਓ ਤੇ ਆਡੀਓ ਰਿਕਾਰਡਿੰਗ ਨੂੰ ਆਧਾਰ ਬਣਾ ਕੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੀਡੀਓ ਅਤੇ ਆਡੀਓ ਰਿਕਾਰਡਿੰਗਜ਼ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਹਨੀ, ਜਿਸ ਦੇ ਘਰੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ ਵਿਚ 10 ਕਰੋੜ ਰੁਪਏ ਨਗਦ ਤੇ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ ਹੈ, ਵਿਚਾਲੇ ਭਾਈਵਾਲੀ ਹੈ। ਮੁੱਖ ਮੰਤਰੀ ਦੇ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਚੰਨੀ ਅਤੇ ਕਾਂਗਰਸ ਨੂੰ ਸ਼ੀਸ਼ਾ ਦਿਖਾਉਣ ਲਈ ਇਹ ਤਸਵੀਰਾਂ ਕਾਫੀ ਹਨ।

ਮਜੀਠੀਆ ਨੇ ਸਾਲਾਪੁਰ ਪਿੰਡ ਦੇ ਸਰਪੰਚ ਇਕਬਾਲ ਸਿੰਘ ਤੇ ਉਸ ਦੇ ਪੁੱਤਰ ਬਿੰਦਰ ਦੀਆਂ ਆਡੀਓ ਰਿਕਾਰਡਿੰਗ ਵੀ ਜਾਰੀ ਕੀਤੀਆਂ। ਮਜੀਠੀਆ ਨੇ ਦਾਅਵਾ ਕੀਤਾ ਕਿ ਇਕਬਾਲ ਸਿੰਘ ਮੁੱਖ ਮੰਤਰੀ ਦਾ ਕਰੀਬੀ ਹੈ। ਇਨ੍ਹਾਂ ਆਡੀਓ ਰਿਕਾਰਡਿੰਗਜ਼, ਜੋ ਦਰਸ਼ਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਰਿਕਾਰਡ ਕੀਤੀਆਂ ਗਈਆਂ ਹਨ, ਵਿਚ ਇਕਬਾਲ ਸਿੰਘ ਮੁੱਖ ਮੰਤਰੀ ਦੀ ਸਰਪ੍ਰਸਤੀ ਹਾਸਲ ਹੋਣ ਬਾਰੇ ਗੱਲ ਕਰਦਾ ਸੁਣਾਈ ਦਿੰਦਾ ਹੈ। ਪ੍ਰੈੱਸ ਕਾਨਫਰੰਸ ਵਿੱਚ ਦਿਖਾਈ ਗਈ ਇੱਕ ਵੀਡੀਓ ’ਚ ਇਹ ਦਾਅਵਾ ਕੀਤਾ ਗਿਆ ਹੈ ਇੱਕ ਜੰਗਲਾਤ ਗਾਰਡ, ਜਿਸ ਨੇ ਜੰਗਲਾਤ ਦੀ ਜ਼ਮੀਨ ’ਤੇ ਮਾਈਨਿੰਗ ਦਾ ਵਿਰੋਧ ਕੀਤਾ ਸੀ, ਦੀ ਬਦਲੀ ਕਰਵਾ ਕੇ ਉਸ ਨੂੰ ਚੁੱਪ ਕਰਵਾ ਦਿੱਤਾ ਗਿਆ। ਰਿਕਾਰਡਿੰਗਜ਼ ਵਿਚ ਇਹ ਵੀ ਸਾਹਮਣੇ ਆਇਆ ਕਿ ਮਾਫੀਆ ਦਰਿਆ ਵਿਚੋਂ ਰੇਤ ਕੱਢਣ ਵਾਸਤੇ ਕਿਸ਼ਤੀਆਂ ਤੇ ਪੋਰਕ ਮਸ਼ੀਨਾਂ ਦੀ ਵਰਤੋਂ ਵੀ ਕਰ ਰਿਹਾ ਸੀ। ਅਕਾਲੀ ਆਗੂ ਵੱਲੋਂ ਜਨਤਕ ਕੀਤੀ ਆਡੀਓ ਰਿਕਾਰਡਿੰਗਜ਼ ਵਿੱਚ ਇਕਬਾਲ ਸਿੰਘ ਤੇ ਇੱਕ ਡੀਐੱਫਓ ਦੇ ਸਬੰਧਾਂ ਦਾ ਵੀ ਖੁਲਾਸਾ ਹੁੰਦਾ ਹੈ। ਰਿਕਾਰਡਿੰਗਜ਼ ਤੋਂ ਜੰਮੂ ਦੇ ਇੱਕ ਰਾਕੇਸ਼ ਚੌਧਰੀ ਦੇ ਇਸ ਮਾਫੀਆ ਨਾਲ ਪ੍ਰਮੁੱਖ ਸਬੰਧ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ।ਮਜੀਠੀਆ ਨੇ ਇਸ ਗੈਰਕਾਨੂੰਨੀ ਧੰਦੇ ਦਾ ਸਬੰਧ ਆਲ ਇੰਡੀਆ ਕਾਂਗਰਸ ਕਮੇਟੀ ਨਾਲ ਵੀ ਜੋੜਿਆ ਤੇ ਕਿਹਾ ਕਿ ਇਸੇ ਕਾਰਨ ਕਾਂਗਰਸ ਹਾਈ ਕਮਾਨ ਤੇ ਹਰੀਸ਼ ਚੌਧਰੀ ਵਰਗੇ ਆਗੂ ਇਹ ਕਹਿ ਕੇ ਚੰਨੀ ਦਾ ਬਚਾਅ ਕਰ ਰਹੇ ਹਨ ਕਿ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਅਕਾਲੀ ਆਗੂ ਨੇ ਹਨੀ ਦੀ ਚੰਨੀ ਨਾਲ ਨੇੜਤਾ ਸਾਬਤ ਕਰਨ ਵਾਸਤੇ ਉਨ੍ਹਾਂ ਦੇ ਕਈ ਸਰਕਾਰੀ ਫੇਸਬੁੱਕ ਪੇਜਾਂ ਦਾ ਹਵਾਲਾ ਦਿੱਤਾ ਤੇ ਦੋਸ਼ ਲਾਇਆ ਕਿ ਹਨੀ ਨੂੰ ਬਲੈਕ ਕੈਟ ਕਮਾਂਡੋ ਦੀ ਸੁਰੱਖਿਆ ਤੇ ਇਕ ਜਿਪਸੀ ਐਸਕੌਰਟ ਵਾਸਤੇ ਮਿਲੀ ਹੋਈ ਹੈ। ਉਨ੍ਹਾਂ ਹਨੀ ਦੀ ਆਪਣੀ ਗੱਡੀ ’ਤੇ ਲਾਲ ਬੱਤੀ ਤੇ ਐੱਮਐੱਲਏ ਦੇ ਸਟਿੱਕਰ ਦੀ ਵਰਤੋਂ ਕਰਨ ਦੀਆਂ ਤਸਵੀਰਾਂ ਵੀ ਦਿਖਾਈਆਂ। ਮਜੀਠੀਆ ਨੇ  ਕਿਹਾ ਕਿ ਮੁੱਖ ਮੰਤਰੀ ਕੋਲ ਹੀ ਮਾਈਨਿੰਗ ਅਤੇ ਵਾਤਾਵਰਣ ਵਿਭਾਗ ਦਾ ਚਾਰਜ ਹੈ ਤੇ ਇਹ ਹਿੱਤਾਂ ਦੇ ਟਕਰਾਅ ਦਾ ਕੇਸ ਬਣਾ ਹੈ ਜਿਸ ਕਾਰਨ ਹੁਣ ਚੰਨੀ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।    

ਚੰਨੀ ਵੱਲੋਂ ਮਜੀਠੀਆ ਦੇ ਦੋਸ਼ ਆਧਾਰਹੀਣ ਕਰਾਰ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੱਤਾ ਹੈ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ ਅਕਾਲੀ ਆਗੂ ਮਜੀਠੀਆ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਮਜੀਠੀਆ ਖ਼ਿਲਾਫ਼ ਕੀਤੀ ਕਾਰਵਾਈ ਦੇ ਬਦਲੇ ਵਜੋਂ ਅਜਿਹੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ,‘‘ਮੈਂ ਮਜੀਠੀਆ ਨੂੰ ਚੇਤੇ ਕਰਾਉਣਾ ਚਾਹੁੰਦਾ ਹਾਂ ਕਿ ਜਦੋਂ ਈਡੀ ਨੇ ਡਰੱਗ ਮਾਮਲੇ ਦੀ ਜਾਂਚ ਕੀਤੀ ਸੀ ਤਾਂ ਨਸ਼ਾ ਸਰਗਨਾ ਨੇ ਉਸ ਦਾ ਨਾਮ ਲਿਆ ਸੀ ਅਤੇ ਅਕਾਲੀ ਆਗੂ ਦੀਆਂ ਤਸਵੀਰਾਂ ਮਿਲੀਆਂ ਸਨ ਤਾਂ ਕੀ ਇਹ ਸਾਬਤ ਹੁੰਦਾ ਹੈ ਕਿ ਉਹ ਉਨ੍ਹਾਂ ਨੂੰ ਜਾਣਦਾ ਸੀ ਅਤੇ ਸਰਪ੍ਰਸਤੀ ਦਿੰਦਾ ਸੀ।’’ ਉਨ੍ਹਾਂ ਈਡੀ ਦੇ ਛਾਪਿਆਂ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਚੋਣਾਂ ਤੋਂ ਪਹਿਲਾਂ ਉਨ੍ਹਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਵਿਰੋਧੀ ਧਿਰਾਂ ਇਸ ਮੁੱਦੇ ’ਤੇ ਸਿਆਸਤ ਕਰ ਰਹੀਆਂ ਹਨ। -ਪੀਟੀਆਈ  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All