ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਆਖਿਆ ਕਿ ਨਗਰ ਕੌਂਸਲ ਅਤੇ ਕਮੇਟੀ ਦੀਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨਾਲ ਵੱਡੇ ਪੱਧਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਲਾਲਾਬਾਦ ਵਿੱਚ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਸਰਕਾਰ ਕਿਸੇ ਵੀ ਤਰ੍ਹਾਂ ਕਲੀਨ ਚਿੱਟ ਨਹੀਂ ਦਿਵਾ ਸਕੇਗੀ। ਉਹ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ।
ਪਰਿਵਾਰ ਵੱਲੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ ਵਿੱਚ ਸ਼ਮੂਲੀਅਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇੱਕ ਵੀਡੀਓ ਹੈ, ਜਿਸ ਵਿੱਚ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਵਿਧਾਇਕ ਆਵਲਾ ਅਤੇ ਉਸ ਦਾ ਬੇਟਾ ਹਮਲਾਵਰ ਭੀੜ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਸੀਆਈਐੱਸਐੱਫ ਵੱਲੋਂ ਵੀ ਕੇਂਦਰ ਸਰਕਾਰ ਨੂੰ ਇੱਕ ਰਿਪੋਰਟ ਭੇਜੀ ਗਈ ਹੈ, ਜਿਸ ਵਿੱਚ ਵਿਧਾਇਕ ਆਵਲਾ ਅਤੇ ਉਸ ਦੇ ਬੇਟੇ ਵੱਲੋਂ ਹਮਲਾ ਕੀਤੇ ਜਾਣ ਦਾ ਹਵਾਲਾ ਦਿੱਤਾ ਗਿਆ ਹੈ। ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ’ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਹਾਕਮ ਧਿਰ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਭਜਾਉਣ ਲਈ ਹਰ ਢੰਗ ਵਰਤਿਆ ਜਾ ਰਿਹਾ ਹੈ। ਕਿਸੇ ਦੇ ਘਰ ਵਿੱਚ ਪੁਲੀਸ ਵੱਲੋਂ, ਕਿਸੇ ਦੇ ਘਰ ਸੇਲਜ਼ ਟੈਕਸ ਤੇ ਕਿਸੇ ਦੇ ਘਰ ਹੋਰ ਏਜੰਸੀਆਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ।
ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਅਤੇ ਸੂਬਾ ਸਰਕਾਰਾਂ ਘੇਰੀਆਂ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਸਬੰਧੀ ਸੁਖਬੀਰ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਅਤੇ ਨੌਜਵਾਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਜਿਨ੍ਹਾਂ ਵਿਅਕਤੀਆਂ ਬਾਰੇ ਪਤਾ ਲੱਗਦਾ ਜਾ ਰਿਹਾ ਹੈ, ਉਨ੍ਹਾਂ ਦੀ ਪਰਿਵਾਰ ਨਾਲ ਗੱਲਬਾਤ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਇਸ ਮੌਕੇ ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਮਲੇ ਸਮੇਤ ਦਿੱਲੀ ਡੇਰਾ ਲਾਉਣਾ ਚਾਹੀਦਾ ਹੈ ਅਤੇ ਕਿਸਾਨ ਸੰਘਰਸ਼ ਦੌਰਾਨ ਲਾਪਤਾ ਹੋਏ ਕਿਸਾਨਾਂ ਅਤੇ ਨੌਜਵਾਨਾਂ ਦਾ ਪਤਾ ਲਾਉਣਾ ਚਾਹੀਦਾ ਹੈ।