ਮਿਹਰ ਸਿੰਘ
ਕੁਰਾਲੀ, 23 ਸਤੰਬਰ
ਖੇਤੀ ਬਿਲਾਂ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ (1920) ਵਲੋਂ ਅੱਜ ਸ਼ਹਿਰ ਵਿੱਚ ਰੋਸ ਪ੍ਰਦਸ਼ਨ ਕੀਤਾ ਗਿਆ। ਅਕਾਲੀ ਦਲ (1920) ਦੇ ਯੂਥ ਵਿੰਗ ਦੇ ਆਗੂ ਅਰਵਿੰਦਰ ਸਿੰਘ ਪੈਂਟਾ ਅਤੇ ਹਰਬੰਤ ਸਿੰਘ ਕੰਧੋਲਾ ਦੀ ਅਗਵਾਈ ਵਿੱਚ ਕੀਤੇ ਇਸ ਰੋਸ ਪ੍ਰਦਸ਼ਨ ਤੋਂ ਪਹਿਲਾਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ, ਸਾਬਕਾ ਐੱਸਜੀਪੀਸੀ ਮੈਂਬਰ ਭਜਨ ਸਿੰਘ ਸ਼ੇਰਗਿੱਲ, ਜ਼ਿਲ੍ਹਾ ਪ੍ਰਧਾਨ ਜ਼ੋਰਾ ਸਿੰਘ ਚੱਪਰਚਿੜੀ, ਪ੍ਰੀਤਮ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਖੇਤੀ ਬਿੱਲ ਕਿਸਾਨਾਂ ਲਈ ਮਾਰੂ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਇਸ ਬਿੱਲ ਵਿੱਚ ਅਕਾਲੀ ਦਲ ਬਾਦਲ ਵੀ ਭਾਗੀਦਾਰ ਹੈ ਜਿਨ੍ਹਾਂ ਦੀ ਹਾਜ਼ਰੀ ਵਿੱਚ ਬਿੱਲ ’ਤੇ ਕੈਬਨਿਟ ਨੇ ਮੋਹਰ ਲਗਾਈ ਸੀ। ਇਸੇ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ਐੱਸਜੀਪੀਸੀ ਵਲੋਂ ਕਸੂਰਵਾਰਾਂ ਨੂੰ ਕਥਿਤ ਤੌਰ ’ਤੇ ਬਚਾਇਆ ਜਾ ਰਿਹਾ ਹੈ।
ਇਸ ਮੌਕੇ ਪਾਰਟੀ ਆਗੂਆਂ ਨੇ ਕਿਸਾਨਾਂ ਦੇ ਹਿੱਤ ਲਈ ਹਰ ਲੜਾਈ ਲੜਨ ਅਤੇ ਕਿਸਾਨ ਸੰਘਰਸ਼ ਵਿੱਚ ਡਟ ਕੇ ਸਾਥ ਦੇਣ ਦਾ ਵਾਅਦਾ ਵੀ ਕੀਤਾ। ਪਾਰਟੀ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਸਾੜੇ ਗਏ।
ਇਸ ਮੌਕੇ ਅਰਵਿੰਦਰ ਸਿੰਘ ਪੈਂਟਾ, ਜ਼ੋਰਾ ਸਿੰਘ ਚੱਪੜਚਿੜੀ, ਭਜਨ ਸਿੰਘ ਸ਼ੇਰਗਿੱਲ, ਪ੍ਰੀਤਮ ਸਿੰਘ ਸੱਲੋਮਾਜਰਾ, ਦਰਸ਼ਨ ਸਿੰਘ ਕੰਸਾਲਾ, ਸੁਰਿੰਦਰ ਸਿੰਘ ਕਾਦੀਮਾਜਰਾ, ਗੁਰਸੇਵਕ ਸਿੰਘ ਸਿੰਘਪੁਰਾ, ਸੁਖਵਿੰਦਰ ਸਿੰਘ ਮੁੰਡੀਆਂ, ਭਾਗ ਸਿੰਘ ਅਤੇ ਕੁਲਵਿੰਦਰ ਸਿੰਘ ਦੁੱਮਣਾ ਹਾਜ਼ਰ ਸਨ।