ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 2 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਵਾਦਿਤ ਸਤਲੁਜ-ਯਮੁਨਾ ਨਹਿਰ ਨੂੰ ਪੂਰਨ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਪਾਰਟੀ ਵੱਲੋਂ ਤਿੰਨ ਜਨਵਰੀ ਨੂੰ ਲਾਂਡਰਾਂ-ਸਰਹਿੰਦ ਮਾਰਗ ’ਤੇ ਪੈਂਦੇ ਪਿੰਡ ਮਜਾਤ ਵਿੱਚ ਸਵੇਰੇ ਦਸ ਵਜੇ ਉਸਾਰੀ ਅਧੀਨ ਐੱਸਵਾਈਐੱਲ ਨਹਿਰ ਨੇੜੇ ਇਕੱਤਰਤਾ ਬੁਲਾਈ ਗਈ ਹੈ, ਜਿਸ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ। ਪਾਰਟੀ ਦੀ ਚੰਡੀਗੜ੍ਹ ਅਤੇ ਮੁਹਾਲੀ ਇਕਾਈ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਮੁੱਚੀਆਂ ਪਾਰਟੀਆਂ ਦੇ ਏਜੰਡੇ ’ਚੋਂ ਨਹਿਰ ਦਾ ਮਸਲਾ ਮਨਫ਼ੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਹਿਰ ਚਲਾਉਣ ਦੀ ਤਿਆਰੀ ਕਰ ਰਹੀ ਹੈ, ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਈਨ ਮੰਨ ਲਈ ਹੈ ਅਤੇ ਅਰਵਿੰਦ ਕੇਜਰੀਵਾਲ ਵੀ ਨਹਿਰ ਚਲਾਉਣ ਦੇ ਹੱਕ ਵਿੱਚ ਹੈ। ਇਸ ਲਈ ਪਾਰਟੀ ਨੂੰ ਖ਼ਦਸ਼ਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨਹਿਰ ਚਲਾਉਣ ਲਈ ਕਾਰਵਾਈ ਕਰ ਸਕਦੀ ਹੈ, ਜਿਸ ਨੂੰ ਰੋਕਣ ਲਈ ਸੰਘਰਸ਼ ਵਿੱਢਿਆ ਜਾਵੇਗਾ।