ਅਕਾਲੀ ਦਲ ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ; ਕੋਰ ਕਮੇਟੀ ’ਚ ਮਜੀਠੀਆ ਸ਼ਾਮਲ
ਚਰਨਜੀਤ ਭੁੱਲਰ
ਚੰਡੀਗੜ੍ਹ, 27 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਪੜਾਅ ’ਚ ਪਾਰਟੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੀ 31 ਮੈਂਬਰੀ ਕੋਰ ਕਮੇਟੀ ਐਲਾਨੀ ਗਈ ਹੈ, ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੀ ਥਾਂ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਅੱਜ ਉਸ ਵੇਲੇ ਕੀਤਾ, ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਕਾਇਮ ਪੰਜ ਮੈਂਬਰੀ ਭਰਤੀ ਕਮੇਟੀ ਨੇ ਸਾਂਝਾ ਪੰਥਕ ਪਲੇਟਫ਼ਾਰਮ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
ਪਾਰਟੀ ਵੱਲੋਂ ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖ਼ਜ਼ਾਨਚੀ ਬਣਾਏ ਗਏ ਹਨ। ਇਸੇ ਤਰ੍ਹਾਂ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ ਅਤੇ ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐੱਸਓਆਈ ਦਾ ਪ੍ਰਧਾਨ ਬਣਾਇਆ ਗਿਆ। ਪਾਰਟੀ ਦੀ ਕੋਰ ਕਮੇਟੀ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੀ ਥਾਂ ਦਿੱਤੀ ਗਈ ਹੈ ਅਤੇ ਪਾਰਟੀ ਵਿੱਚ ਮੁੜ ਸ਼ਾਮਲ ਹੋਏ ਸਿਕੰਦਰ ਸਿੰਘ ਮਲੂਕਾ ਵੀ ਕੋਰ ਕਮੇਟੀ ਦੇ ਮੈਂਬਰ ਲਏ ਗਏ ਹਨ।
ਸੁਖਬੀਰ ਵੱਲੋਂ ਐਲਾਨੀ ਗਈ ਕੋਰ ਕਮੇਟੀ ’ਚ 31 ਸੀਨੀਅਰ ਆਗੂ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ’ਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐੱਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐੱਸਆਰ ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੀ ਗਈ ਕੋਰ ਕਮੇਟੀ ਵਿੱਚ ਜ਼ਿਆਦਾਤਰ ਆਗੂ ਉਹ ਹਨ, ਜੋ ਪਾਰਟੀ ਪ੍ਰਧਾਨ ਨਾਲ ਡਟ ਕੇ ਖੜ੍ਹੇ ਰਹੇ ਹਨ। ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਹੁਣ ਕਦਮ ਅੱਗੇ ਵਧਾ ਰਹੀ ਹੈ ਅਤੇ ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮੁੜ ਖੜ੍ਹਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪੰਜ ਸੀਨੀਅਰ ਆਗੂ ਕੋਰ ਕਮੇਟੀ ਦੇ ਐਕਸ ਆਫੀਸ਼ੀਓ ਮੈਂਬਰ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਨੇ ਪੰਜ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ ਵਿੱਚ ਮੀਡੀਆ ਹੈੱਡ ਹਰਚਰਨ ਸਿੰਘ ਬੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐੱਸਓਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।