ਗਗਨਦੀਪ ਅਰੋੜਾ
ਲੁਧਿਆਣਾ, 17 ਜੂਨ
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਸਮੇਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਗਏ ਬਿਆਨ ’ਤੇ ਹੁਣ ਸਿਆਸਤ ਭਖ਼ਣੀ ਸ਼ੁਰੂ ਹੋ ਗਈ ਹੈ, ਇਸ ਮੁੱਦੇ ’ਤੇ ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਨੇ ਪ੍ਰਦਰਸ਼ਨ ਕੀਤਾ। ਅਕਾਲੀ ਦਲ ਤੇ ਬਸਪਾ ਦੇ ਸੀਨੀਅਰ ਆਗੂਆਂ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਤੇ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।
ਅੱਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨਾਲ ਮੁਲਾਕਾਤ ਕੀਤੀ ਅਤੇ ਰਵਨੀਤ ਬਿੱਟੂ ਖ਼ਿਲਾਫ਼ ਐੱਸਸੀ ਤੇ ਐੱਸਟੀ ਐਕਟ ਤਹਿਤ ਕੇਸ ਦਰਜ ਕਰ ਬਿੱਟੂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਦਲਜੀਤ ਚੀਮਾ ਨੇ ਸਾਫ਼ ਕੀਤਾ ਕਿ ਜੇਕਰ ਬਿੱਟੂ ਖ਼ਿਲਾਫ਼ ਕਾਰਵਾਈ ’ਚ ਦੇਰੀ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਾਂਝੀ ਬੈਠਕ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਚੀਮਾ ਨੇ ਕਿਹਾ ਕਿ ਬਿੱਟੂ ਨੇ 300 ਕਰੋੜ ਰੁਪਏ ਦੇ ਚੋਣ ਫੰਡ ਦੀ ਝੂਠੀ ਕਹਾਣੀ ਬਣਾ ਕੇ ਬਸਪਾ ਸੁਪਰੀਮੋ ਮਾਇਆਵਤੀ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪਵਨ ਕੁਮਾਰ ਟੀਨੂੰ, ਸ਼ਰਨਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸ਼ਿਵਾਲਿਕ, ਹਰਚਰਨ ਸਿੰਘ ਗੋਹਲਵੜੀਆ, ਰਣਜੀਤ ਸਿੰਘ ਢਿੱਲੋਂ, ਹਰੀਸ਼ ਰਾਏ ਢਾਂਡਾ, ਸਤੀਸ਼ ਮਲਹੋਤਰਾ ਅਤੇ ਵਿਪਨ ਸੂਦਾ ਕਾਕਾ ਮੌਜੂਦ ਸਨ।
ਭੁੱਖ ਹੜਤਾਲ ’ਤੇ ਬੈਠੇ ‘ਆਪ’ ਆਗੂ
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਨੇ ਵੀ ਰੋਸ ਪ੍ਰਦਰਸ਼ਨ ਕੀਤਾ। ਇੱਥੇ ਵਜ਼ੀਫ਼ਾ ਘੁਟਾਲੇ ਸਬੰਧੀ ਚੱਲ ਰਹੇ ਧਰਨੇ ’ਚ ਪੁੱਜੇ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਤੇ ਉਪ ਨੇਤਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਤੇ ਜਗਤਾਰ ਸਿੰਘ ਹਿੱਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਤੇ ਜਾਤੀ ਦੇ ਨਾਮ ’ਤੇ ਵੰਡ ਕੇ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦੀ ਆਮ ਆਦਮੀ ਪਾਰਟੀ ਸਖਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਇਸ ਦੌਰਾਨ ਭੁੱਖ ਹੜਤਾਲ ’ਤੇ ਬੈਠੇ ਸਰਬਜੀਤ ਕੌਰ ਮਾਣੂੰਕੇ ਤੇ ਐੱਸਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ’ਚ ਗੰਭੀਰ ਹੁੰਦੇ ਤਾਂ ਬਿੱਟੂ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖ਼ਿਲਾਫ਼ ਸਖਤ ਕਾਰਵਾਈ ਕਰਦੇ।