ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਂਗਰਸ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਗਈ ਖੁੱਲ੍ਹੀ ਛੁੱਟੀ ਦਾ ਨਤੀਜਾ ਹੈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁਹਾਲੀ ਵਿੱਚ ਹੋਈ ਇਸ ਗੋਲੀਬਾਰੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਇੰਨੀ ਵਿਗੜ ਚੁੱਕੀ ਹੈ ਕਿ ਫਿਰੌਤੀਆਂ ਮੰਗਣਾ ਤੇ ਗੋਲੀਆਂ ਚਲਾਉਣਾ ਰੋਜ਼ਾਨਾ ਦੀ ਗੱਲ ਹੋ ਗਈ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ।