ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੰਸਦ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚਾਂਸਲਰ ਐੱਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਦੇ ਮਾਣ ਦਾ ਪ੍ਰਤੀ ਪੰਜਾਬ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜ-ਛਾੜ ਨਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਚਾਂਸਲਰ ਦੀ ਉੱਚ ਤਾਕਤੀ ਕਮੇਟੀ ਦੀ ਰਿਪੋਰਟ ਵਾਪਸ ਲਈ ਜਾਵੇ।
ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਵੀ ਸ਼ਾਮਲ ਸਨ। ਉਨ੍ਹਾਂ ਉੱਚ ਤਾਕਤੀ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਵਾਪਸ ਲੈਣ ਦੀ ਅਪੀਲ ਵੀ ਕੀਤੀ। ਇਨ੍ਹਾਂ ਸਿਫਾਰਸ਼ਾਂ ਵਿੱਚ ਪੰਜਾਬ ਦੇ ਕਾਲਜਾਂ ਦੀ ਮਾਨਤਾ ਖਤਮ ਕਰ ਕੇ, ਇਸ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਕਟੌਤੀ ਕਰਨਾ ਵੀ ਸ਼ਾਮਲ ਹੈ।
ਸ੍ਰੀ ਵੈਂਕਈਆ ਨਾਇਡੂ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦੁਆਇਆ ਕਿ ਪੰਜਾਬ ਯੂਨੀਵਰਸਿਟੀ ਅਜਿਹਾ ਕੋਈ ਫ਼ੈਸਲਾ ਨਹੀਂ ਲਵੇਗੀ, ਜਿਸ ਨਾਲ ਪੰਜਾਬੀਆਂ ਦੇ ਹਿੱਤਾਂ ਨੂੰ ਸੱਟ ਵੱਜੇ। ਉਨ੍ਹਾਂ ਕਿਹਾ ਕਿ ਸਾਰੇ ਵਿਵਾਦਗ੍ਰਸਤ ਮਾਮਲੇ ਹੱਲ ਕੀਤੇ ਜਾਣਗੇ।