ਅਕਾਲੀ ਦਲ ਵੱਲੋਂ ਚੋਣ ਅਧਿਕਾਰੀ ਨੂੰ ਸ਼ਿਕਾਇਤ
ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਕਾਲੀ ਵਰਕਰਾਂ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਖ਼ਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕਰ ਕੇ ਕੇਸਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ ਹੈ। ਡਾ. ਚੀਮਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ‘ਆਪ’ ਨੇ ਤਰਨ ਤਾਰਨ ਜ਼ਿਮਨੀ ਚੋਣ ’ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਹੈ। ਇਸੇ ਕਰ ਕੇ ਚੋਣ ਕਮਿਸ਼ਨ ਨੇ ਐੱਸ ਐੱਸ ਪੀ ਨੂੰ ਮੁਅੱਤਲ ਕੀਤਾ ਤੇ ਕਈ ਹੋਰ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਚੋਣ ਕਮਿਸ਼ਨ ਦੀ ਕਾਰਵਾਈ ਦੇ ਬਾਵਜੂਦ ਸੱਤਾਧਾਰੀ ਧਿਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਡਰਾਉਣ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਚੋਣ ਨਤੀਜੇ ਆਉਣ ਤੋਂ ਬਾਅਦ ਵੀ ਸੱਤਾਧਾਰੀ ਧਿਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। 15 ਨਵੰਬਰ ਨੂੰ ਥਾਣਾ ਤਰਨ ਤਾਰਨ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ 6 ਨਵੰਬਰ ਨੂੰ ਪੁਲੀਸ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਹ ਅਫ਼ਸਰ ਪਾਰਟੀ ਉਮੀਦਵਾਰ ਦੀ ਧੀ ਦਾ ਪ੍ਰਾਈਵੇਟ ਕਾਰ ਵਿਚ ਪਿੱਛਾ ਕਰ ਰਹੇ ਸਨ, ਜਿਸ ਦੀ ਨੰਬਰ ਪਲੇਟ ਵੀ ਜਾਅਲੀ ਸੀ ਪਰ ਪੁਲੀਸ ਨੇ ਸ਼ਿਕਾਇਤ ’ਤੇ ਕਾਰਵਾਈ ਕਰਨ ਦੀ ਥਾਂ ਉਲਟਾ ਸ਼ਿਕਾਇਤਕਰਤਾਵਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤੇ ਅਤੇ ਨਛੱਤਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਚੋਣ ਆਬਜ਼ਰਵਰ ਰਾਹੀਂ ਨਤੀਜਿਆਂ ਤੋਂ ਬਾਅਦ ਦਰਜ ਹੋਏ ਕੇਸਾਂ ਦੀ ਨਿਰਪੱਖ ਜਾਂਚ ਕਰਵਾਏ।
