ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਨਵੰਬਰ
ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਜਨਮ ਦਿਨ ਦੀ ਵਧਾਈ ਸਬੰਧੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਸ਼ਤਿਹਾਰਾਂ ਦੇ ਰੂਪ ਵਿੱਚ ਲੱਖਾਂ ਰੁਪਏ ਖਰਚਣ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਇਤਰਾਜ ਪ੍ਰਗਟਾਇਆ ਹੈ। ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਕੋਲ ਬੱਚਿਆਂ ਦੀਆਂ ਫੀਸਾਂ, ਗਰੀਬਾਂ ਨੂੰ ਰਾਸ਼ਨ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ, ਦੂਜੇ ਪਾਸੇ ਇਸ਼ਤਿਹਾਰਾਂ ਦੇ ਰੂਪ ਵਿੱਚ ਲੱਖਾਂ ਰੁਪਏ ਬੇਲੋੜੇ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜੇਕਰ ਆਪਣੇ ਕਿਸੇ ਆਗੂ ਨੂੰ ਸਮਰਪਿਤ ਇਸ਼ਤਿਹਾਰ ਦੇਣਾ ਚਾਹੁੰਦੀ ਹੈ ਤਾਂ ਉਹ ਸਰਕਾਰੀ ਖ਼ਜ਼ਾਨੇ ਦੀ ਥਾਂ ਪਾਰਟੀ ਖਰਚੇ ਵਿੱਚੋਂ ਦੇਵੇ। ਚੀਮਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਨਾਂ ’ਤੇ ਲੱਖਾਂ ਰੁਪਏ ਲੁਟਾ ਦੇਣ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।