ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਵੱਲੋਂ ਤਿੱਖੇ ਸੰਘਰਸ਼ ਦੀ ਤਿਆਰੀ
ਆਤਿਸ਼ ਗੁਪਤਾ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂੁਲਿੰਗ ਨੀਤੀ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਤਿਆਰੀ ਖਿੱਚ ਲਈ ਹੈ।
ਇਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਇੱਕ ਐਮਰਜੈਂਸੀ ਮੀਟਿੰਗ 7 ਅਗਸਤ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸੱਦ ਲਈ ਹੈ। ਇਸ ਮੀਟਿੰਗ ਵਿੱਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਨੀਤੀ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਅਤੇ ਸੂਬੇ ਵਿੱਚ ਵਿਗੜ ਰਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।
‘ਬਲਾਕ ਸਮਿਤੀ ਤੇ ਜ਼ਿਲ੍ਹਾ ਪਰੀਸ਼ਦ ਚੋਣ ਬਾਰੇ ਵੀ ਹੋਵੇਗੀ ਚਰਚਾ’
ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਗਸਤ ਨੂੰ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਬਲਾਕ ਸਮਿਤੀ ਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸੂਬੇ ਦੇ ਦਿਹਾਤੀ ਖੇਤਰ ਨਾਲ ਸਬੰਧਤ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਤੋਂ ਬਾਅਦ ਹੋਣ ਜਾ ਰਹੀਆਂ ਹਨ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਮੂਲੀਅਤ ਵਧੇਰੇ ਜ਼ਰੂਰੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਨੂੰ ਮਜ਼ਬੂਤੀ ਨਾਲ ਲੜਨ ਲਈ ਤਿਆਰੀ ਕੀਤੀ ਜਾਵੇਗੀ।