ਬੀਬੀਐੱਮਬੀ ਵਿੱਚ ਪੰਜਾਬ ਦੀ ਘਟ ਰਹੀ ਹਿੱਸੇਦਾਰੀ ਤੇ ਅਕਾਲੀ ਦਲ ਨੇ ਸਵਾਲ ਚੁੱਕਿਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਹਿੱਸੇਦਾਰੀ ਲਗਾਤਾਰ ਘਟਾਉਣ ’ਤੇ ਸਖ਼ਤ ਪ੍ਰਤੀਕ੍ਰਿਆ ਜਤਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਹੱਕ ਖੋਹੇ ਜਾ ਰਹੇ ਹਨ।
ਭੂੰਦੜ ਨੇ ਦੋਸ਼ ਲਗਾਇਆ ਕਿ ਹੁਣ ਕੇਂਦਰ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਬੀਬੀਐੱਮਬੀ ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਇਕ ਹੋਰ ਝਟਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੇ ਕਹਿਰ ਤੋਂ ਅਜੇ ਉਭਰ ਨਹੀਂ ਸਕਿਆ, ਹਰ ਸਾਲ ਬੀਬੀਐੱਮਬੀ ਵੱਲੋਂ ਛੱਡੇ ਪਾਣੀ ਨਾਲ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ, ਪਰ ਫਿਰ ਵੀ ਕੇਂਦਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਬੀਬੀਐੱਮਬੀ ਵਿੱਚ ਘਟਾਇਆ ਜਾ ਰਿਹਾ ਹੈ।
ਅਕਾਲੀ ਆਗੂ ਨੇ ਇਸ ਮਾਮਲੇ ’ਤੇ ਸੂਬਾ ਸਰਕਾਰ ਦੀ ਚੁੱਪੀ ’ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਰੁਕ ਚੁੱਕਾ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਕੰਮਾਂ ਨੂੰ ਵੀ ਰੋਕ ਦਿੱਤਾ ਗਿਆ ਹੈ।
ਇਸ ਮੌਕੇ ਤੇ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਸ਼੍ਰੋਮਣੀ ਕਮੇਟੀ ਪਰਮਜੀਤ ਸਿੰਘ ਲੱਖੇਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।