ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ।
ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਦਿੱਤੇ ਸੁਝਾਅ ਤੋਂ ਇੱਕ ਦਿਨ ਬਾਅਦ ਹੀ ਅਕਾਲੀ ਦਲ ਨੇ ਪਹਿਲ ਕਰਦਿਆਂ ਕਿਹਾ ਕਿ ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ। ਇਸ ਬਾਰੇ ਫ਼ੈਸਲਾ ਅੱਜ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਡਟਿਆ ਰਹੇਗਾ।
ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ ਜਿਨ੍ਹਾਂ ਇਨ੍ਹਾਂ ਖ਼ਿਲਾਫ਼ ਵੋਟਾਂ ਪਾਈਆਂ।
ਇਸ ਮਗਰੋਂ ਅਕਾਲੀ ਦਲ ਦੀ ਨੁਮਾਇੰਦਾ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਅਕਾਲੀ ਦਲ ਨੇ ਐੱਨਡੀਏ ਛੱਡ ਦਿੱਤਾ ਤੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਮੁਲਤਵੀ ਕੀਤਾ ਹੋਇਆ ਹੈ।