ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪ੍ਰਦਰਸ਼ਨ ਕਰੇਗਾ ਅਕਾਲੀ ਦਲ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰਨ ਦੀ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 15 ਜੁਲਾਈ ਨੂੰ ਲੁਧਿਆਣਾ ਵਿੱਚ ਮੁਜ਼ਾਹਰਾ ਕੀਤਾ ਜਾਵੇਗਾ ਜਿਸ ਦੀ ਤਿਆਰੀ ਲਈ ਪਾਰਟੀ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਆਗੂਆਂ ਦੀ ਕਮੇਟੀ ਬਣਾ ਦਿੱਤੀ ਹੈ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਕਮੇਟੀ ਦਾ ਕਨਵੀਨਰ ਰਣਜੀਤ ਸਿੰਘ ਢਿੱਲੋਂ ਨੂੰ ਬਣਾਇਆ ਗਿਆ ਹੈ। ਇਸ ਵਿੱਚ ਲੁਧਿਆਣਾ ਸ਼ਹਿਰੀ ਤੇ ਲੁਧਿਆਣਾ ਦਿਹਾਤੀ ਦੇ ਦੋਵੇਂ ਪ੍ਰਧਾਨ ਅਤੇੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਹਲਕਾ ਇੰਚਾਰਜ ਸ਼ਾਮਲ ਹੋਣਗੇ। ਇਹ ਕਮੇਟੀ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰੇਗੀ ਅਤੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਸਾਰੇ ਪ੍ਰਬੰਧ ਕਰੇਗੀ। ਇਸ ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੜਾਅਵਾਰ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਖੇਤਰੀ ਮੁੱਦਿਆਂ ਨੂੰ ਵੀ ਚੁੱਕਿਆ ਜਾਵੇਗਾ।