ਹਿਮਾਂਸ਼ੂ ਸੂਦ/ਅਜੇ ਮਲਹੋਤਰਾ
ਫਤਹਿਗੜ੍ਹ ਸਾਹਿਬ/ਬਸੀ ਪਠਾਣਾਂ, 16 ਨਵੰਬਰ
ਅੱਜ ਫ਼ਤਹਿਗੜ੍ਹ ਸਾਹਿਬ ਵਿਚ ਅਕਾਲੀ ਦਲ ਯੂਨਾਈਟਿਡ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਕਰ ਕੇ ਆ ਰਹੀਆਂ ਸੰਭਾਵਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪੰਥਕ ਮੋਰਚਾ ਬਣਾ ਕੇ ਪੂਰੀ ਸ਼ਕਤੀ ਨਾਲ ਲੜਨ ਦਾ ਐਲਾਨ ਕੀਤਾ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਮੋਦੀ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਕਿਸਾਨ ਸੰਘਰਸ਼ ਦੀ ਬਿਨਾਂ ਸ਼ਰਤ ਹਮਾਇਤ ਜਾਰੀ ਰੱਖੀ ਜਾਵੇਗੀ। ਪਾਰਟੀ ਵਰਕਰ 26-27 ਨਵੰਬਰ ਦੇ ਦਿੱਲੀ ਧਰਨਿਆਂ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਲਈ ਪੰਥਕ ਮੋਰਚਾ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ, ਪੰਥਕ ਸੇਵਾ ਲਹਿਰ ਸਣੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਦਲਿਤ ਜਥੇਬੰਦੀਆਂ ਨਾਲ ਗੱਲਬਾਤ ਹੋ ਚੁੱਕੀ ਹੈ। ਇਸ ਬਾਰੇ ਆਉਣ ਵਾਲੇ ਦਿਨਾਂ ’ਚ ਐਲਾਨ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੋਸ਼ ਲਾਏ ਕਿ ਬਾਦਲ ਸਰਕਾਰ ਵੱਲੋਂ ਕਾਰਪੋਰੇਟ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚ ਅਰਬਾਂ ਰੁਪਏ ਦਾ ਘਪਲਾ ਹੋਇਆ ਹੈ। ਊਨ੍ਹਾਂ ਕਿਹਾ ਕਿ ਇਸ ਖ਼ਿਲਾਫ਼ ਚਾਰ ਦਸੰਬਰ ਨੂੰ ਯੂਨਾਈਟਿਡ ਅਕਾਲੀ ਦਲ ਪਟਿਆਲਾ ਵਿਚ ਧਰਨਾ ਦੇਵੇਗਾ। ਉਨ੍ਹਾਂ ਦੋਸ਼ ਲਾਏ ਕਿ ਸੁਖਬੀਰ ਬਾਦਲ ਵੱਲੋਂ ਪੰਜਾਬ ਵਿੱਚ ਪੈਦੇ ਕੀਤੇ ਮਾਫੀਆ ਕੈਪਟਨ ਸਰਕਾਰ ਵਿੱਚ ਵੀ ਸਰਕਾਰੀ ਸਰਪ੍ਰਸਤੀ ਅਧੀਨ ਪ੍ਰਫੁੱਲਿਤ ਹੋ ਰਹੇ ਹਨ।
ਇਸ ਮੌਕੇ ਬਹਾਦਰ ਸਿੰਘ ਰਾਹੋਂ, ਗੁਰਨਾਮ ਸਿੰਘ ਸਿੱਧੂ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਬਾਬਾ ਚਮਕੌਰ ਸਿੰਘ ਭਾਈਰੂਪਾ, ਜਸਵਿੰਦਰ ਸਿੰਘ ਘੋਲੀਆ, ਪ੍ਰਿੰਸੀਪਲ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਫ਼ਤਹਿਗੜ੍ਹ ਸਾਹਿਬ, ਹਰਵਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਸਤਵੰਤ ਸਿੰਘ ਮਾਣਕ ਤੇ ਅਸ਼ੋਕ ਕੁਮਾਰ ਮੌਂਗਾ ਆਦਿ ਵੀ ਮੌਜੂਦ ਸਨ।