ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਹੋਰ ਖੇਤਰੀ ਭਾਸ਼ਾਵਾਂ ਦੇ ਵਾਂਗ ਆਮ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਰੱਖਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨਾਦਰਸ਼ਾਹੀ ਹੁਕਮ ਦੀ ਸਿਰਫ ਨਿੰਦਾ ਕਰਕੇ ਆਪਣਾ ਪੱਲਾ ਝਾੜਣ ਦਾ ਯਤਨ ਨਾ ਕਰੇ ਸਗੋਂ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇਵੇ। ਜਥੇਬੰਦੀ ਦੇ ਜਨਰਲ ਸਕੱਤਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਭਾਸ਼ਾਈ ਮੁੱਦੇ ’ਤੇ ਸੀਬੀਐੱਸਈ ਦੀ ਪਹੁੰਚ ਸਮੁੱਚੇ ਭਾਰਤ ’ਤੇ ਹਿੰਦੀ ਨੂੰ ਥੋਪਣ ਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਰਐੱਸਐੱਸ ਦੇ ਏਜੰਡੇ ਅਤੇ ਉਸ ਦੇ ਇਸ਼ਾਰੇ ’ਤੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤ ਸੰਘ ਦੀ ਇੱਕੋ ਇੱਕ ਸਰਕਾਰੀ ਭਾਸ਼ਾ ਅੰਗਰੇਜ਼ੀ ਹੈ।