‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ
ਤਰਨ ਤਾਰਨ ਜ਼ਿਮਨੀ ਚੋਣ ਵਿੱਚ ਚਾਰ ਪਾਰਟੀਆਂ ਨੇ ਉਮੀਦਵਾਰ ਐਲਾਨੇ; ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਦਾ ਭਰਾ ਹੈ ਮਨਦੀਪ
ਤਰਨ ਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋਣ ਮਗਰੋਂ ਅੱਜ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ। ਮਨਦੀਪ ਸਿੰਘ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਦਾ ਭਰਾ ਹੈ। ਸੰਨੀ ਖ਼ਿਲਾਫ਼ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦਾ ਦੋਸ਼ ਹੈ।
ਅੱਜ ਇੱਥੇ ਪ੍ਰੈਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਮਨੀ ਚੋਣ ਲਈ ਮਨਦੀਪ ਸਿੰਘ ਦੇ ਨਾਮ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਦੀਆਂ ਭਾਵਨਾਵਾਂ ਅਤੇ ਸੰਦੀਪ ਸਿੰਘ ਸੰਨੀ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖਦਿਆਂ ਉਸ ਦੇ ਪਰਿਵਾਰ ਵਿੱਚੋਂ ਇੱਕ ਮੈਂਬਰ ਨੂੰ ਉਮੀਦਵਾਰ ਐਲਾਨਿਆ ਹੈ। ਮਨਦੀਪ ਸਿੰਘ ਉਸ ਦਾ ਵੱਡਾ ਭਰਾ ਹੈ। ਇਸ ਮੌਕੇ ਸੰਦੀਪ ਸਿੰਘ ਸੰਨੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਤਰਸੇਮ ਸਿੰਘ ਨੇ ਸਮੁੱਚੀਆਂ ਕਿਸਾਨ, ਮਜ਼ਦੂਰ, ਸਿੱਖ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਅਤੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਮਨਦੀਪ ਸਿੰਘ ਦਾ ਸਾਥ ਦੇਣ ਤਾਂ ਜੋ ਪੰਜਾਬ ਵਿੱਚ ਪੰਥਕ ਪਰਚਮ ਮੁੜ ਲਹਿਰਾਇਆ ਜਾ ਸਕੇ ਅਤੇ ਸੱਚਾਈ ਨੂੰ ਸੰਸਾਰ ਭਰ ਵਿੱਚ ਬੁਲੰਦ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸੇ ਹਲਕੇ ਤੋਂ ਲੋਕ ਸਭਾ ਚੋਣਾਂ ਵੇਲੇ ਵੱਡੇ ਫ਼ਰਕ ਨਾਲ ਜਿੱਤੇ ਸਨ। ਇਸ ਜ਼ਿਮਨੀ ਚੋਣ ਲਈ ‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।