ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਹਿਲੀ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਹਿਲੀ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫੈਸਲਾ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਥੇ ਕੋਰ ਕਮੇਟੀ, ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪੱਕਾ ਮੋਰਚਾ ਲੈਂਡ ਪੂਲਿੰਗ ਨੀਤੀ ਰੱਦ ਹੋਣ ਤੱਕ ਜਾਰੀ ਰੱਖਿਆ ਜਾਵੇਗਾ। ਮੀਟਿੰਗ ਮਗਰੋਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ 31 ਅਗਸਤ ਨੂੰ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮਗਰੋਂ ਪਹਿਲੀ ਸਤੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਮੋਰਚੇ ਦਾ ਪਹਿਲਾ ਜਥਾ ਸੁਖਬੀਰ ਬਾਦਲ ਦੀ ਅਗਵਾਈ ਹੇਠ ਨੇੜਲੇ ਪੰਚਾਇਤ ਭਵਨ ਵੱਲ ਲਿਆਂਦਾ ਜਾਵੇਗਾ। ਸ੍ਰੀ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਵਿਸ਼ੇਸ਼ ਕਨੂੰਨ ਬਣਾ ਕੇ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 2016 ਵਿੱਚ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਐੱਸਵਾਈਐੱਲ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਕਿਸਾਨਾਂ ਨੂੰ ਵਾਪਸ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਕਰਮ ਮਜੀਠੀਆ ਦੇ ਸਮਰਥਕਾਂ ਨੂੰ ਥਾਣੇ ਸੱਦ ਕੇ ਮਜੀਠੀਆ ਖ਼ਿਲਾਫ਼ ਜਬਰੀ ਬਿਆਨ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਜਲਦ ਹੀ ਰਾਜਪਾਲ ਨਾਲ ਮੁਲਾਕਾਤ ਕਰਕੇ ਸਾਰੇ ਮਸਲੇ ਬਾਰੇ ਜਾਣੂੰ ਕਰਵਾਇਆ ਜਾਵੇਗਾ।
ਪਾਰਟੀ ਛੱਡਣ ਵਾਲਿਆਂ ਨੂੰ ‘ਘਰ ਵਾਪਸੀ’ ਦੀ ਅਪੀਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਆਪਣੀ ਮਾਂ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਸ ਤੋਂ ਕਿਸੇ ਕਿਸਮ ਦੀ ਕੋਈ ਗੁਸਤਾਖੀ ਹੋਈ ਹੈ ਤਾਂ ਉਹ ਉਸ ਦੀ ਵੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਨਾਰਾਜ਼ ਹੋਏ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਾਪਸੀ ਕਰਨ।