ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤ 50 ਹਜ਼ਾਰ ਪਰਿਵਾਰਾਂ ਨੂੰ ਕਣਕ ਭੇਜੇਗਾ ਅਕਾਲੀ ਦਲ: ਸੁਖਬੀਰ

ਚਮਕੌਰ ਸਾਹਿਬ ਤੋਂ ਹਡ਼੍ਹ ਪ੍ਰਭਾਵਿਤ ਇਲਾਕਿਆਂ ਲਈ ਚਾਰੇ ਦੇ 100 ਟਰੱਕ ਰਵਾਨਾ
ਚਮਕੌਰ ਸਾਹਿਬ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ।
Advertisement

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਪਸ਼ੂਆਂ ਦੇ ਚਾਰੇ ਦੇ 100 ਟਰੱਕ ਰਵਾਨਾ ਕੀਤੇ। ਸੁਖਬੀਰ ਨੇ ਟਰੱਕ ਰਵਾਨਾ ਕਰਨ ਤੋਂ ਪਹਿਲਾਂ ਇੱਥੇ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਵਾਅਦਾ ਕੀਤਾ ਕਿ 50 ਹਜ਼ਾਰ ਹੜ੍ਹ ਪੀੜਤ ਪਰਿਵਾਰਾਂ ਨੂੰ ਅਕਾਲੀ ਦਲ ਵੱਲੋਂ ਕਣਕ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਕਿਸੇ ਨੂੰ ਭੁੱਖਾ ਨਾ ਸੌਣਾ ਪਵੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭੇਜੀਆਂ ਟੀਮਾਂ ਨੇ ਰਿਪੋਰਟ ਤਿਆਰ ਕੀਤੀ ਹੈ ਜਿਸ ਮੁਤਾਬਕ ਪੰਜਾਬ ਵਿੱਚ ਚਾਰ ਲੱਖ ਏਕੜ ਤੋਂ ਵੱਧ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਸੂਬੇ ਦੀ ਆਰਥਿਕਤਾ ਲਈ ਵੀ ਵੱਡਾ ਨੁਕਸਾਨ ਹੈ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਸਿਰਫ਼ ਹੌਸਲੇ ਦੀ ਹੀ ਨਹੀਂ, ਸਗੋਂ ਸਾਥ ਤੇ ਮਦਦ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਜ਼ਮੀਨ ਪੱਧਰੀ ਕਰਨ ਲਈ ਟਰੈਕਟਰ ਅਤੇ ਨਵੀਂ ਫ਼ਸਲ ਬੀਜਣ ਲਈ ਬੀਜ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰੇ ਦੀ ਭਾਰੀ ਕਮੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਵੱਡੀ ਮਾਤਰਾ ਵਿੱਚ ਚਾਰਾ ਪਹੁੰਚਾਇਆ ਜਾ ਰਿਹਾ ਹੈ।

Advertisement

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸੂਬੇ ਦੀਆਂ ਸਮੁੱਚੀਆਂ ਰਾਜਨੀਤਕ ਪਾਰਟੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਲਈ ਮਿਲ ਕੇ ਕੰਮ ਕਰਨ ਦਾ ਸਮਾਂ ਹੈ। ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਬੰਟੀ ਰੁਮਾਣਾ, ਹਰਮੋਹਨ ਸਿੰਘ ਸੰਧੂ, ਬਲਦੇਵ ਸਿੰਘ ਹਾਫਿਜ਼ਾਬਾਦ, ਜਗਪਾਲ ਸਿੰਘ ਜੌਲੀ, ਬਿੱਟੂ ਕੰਗ, ਨਿਰਮਲ ਸਿੰਘ ਰੰਗਾ, ਪਰਮਜੀਤ ਸਿੰਘ ਅਤੇ ਕ੍ਰਿਪਾਲ ਸਿੰਘ ਆਦਿ ਹਾਜ਼ਰ ਸਨ।

Advertisement
Show comments